Text copied!
Bibles in Panjabi

ਕਹਾਉਤਾਂ 14:15-35 in Panjabi

Help us?

ਕਹਾਉਤਾਂ 14:15-35 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਭੋਲਾ ਹਰੇਕ ਗੱਲ ਨੂੰ ਸੱਚ ਮੰਨਦਾ ਹੈ, ਪਰ ਸਿਆਣਾ ਸੋਚ ਸਮਝ ਕੇ ਚੱਲਦਾ ਹੈ।
16 ਬੁੱਧਵਾਨ ਸੁਚੇਤ ਹੋ ਕੇ ਬੁਰਿਆਈ ਤੋਂ ਦੂਰ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ।
17 ਜਿਹੜਾ ਛੇਤੀ ਗੁੱਸੇ ਹੋ ਜਾਂਦਾ ਹੈ ਉਹ ਮੂਰਖਤਾਈ ਕਰਦਾ ਹੈ, ਅਤੇ ਬੁਰੇ ਮਤੇ ਪਕਾਉਣ ਵਾਲੇ ਨਾਲ ਵੈਰ ਕੀਤਾ ਜਾਂਦਾ ਹੈ।
18 ਭੋਲਿਆਂ ਲੋਕਾਂ ਦੇ ਹਿੱਸੇ ਵਿੱਚ ਤਾਂ ਮੂਰਖਤਾਈ ਆਉਂਦੀ ਹੈ, ਪਰ ਸਿਆਣਿਆਂ ਦੇ ਸਿਰ ਉੱਤੇ ਗਿਆਨ ਦਾ ਮੁਕਟ ਰੱਖਿਆ ਜਾਂਦਾ ਹੈ।
19 ਬੁਰੇ ਲੋਕ ਭਲਿਆਂ ਦੇ ਅੱਗੇ ਅਤੇ ਦੁਸ਼ਟ ਧਰਮੀਆਂ ਦੇ ਫਾਟਕਾਂ ਦੇ ਅੱਗੇ ਝੁਕਦੇ ਹਨ।
20 ਕੰਗਾਲ ਦਾ ਗੁਆਂਢੀ ਵੀ ਉਸ ਤੋਂ ਘਿਰਣਾ ਕਰਦਾ ਹੈ, ਪਰ ਧਨਵਾਨ ਦੇ ਬਹੁਤ ਸਾਰੇ ਪ੍ਰੇਮੀ ਹੁੰਦੇ ਹਨ।
21 ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਪਾਪ ਕਰਦਾ ਹੈ, ਅਤੇ ਜੋ ਕੰਗਾਲਾਂ ਉੱਤੇ ਤਰਸ ਖਾਂਦਾ ਹੈ ਉਹ ਧੰਨ ਹੈ।
22 ਜਿਹੜੇ ਬੁਰੀਆਂ ਜੁਗਤਾਂ ਕੱਢਦੇ ਹਨ ਭਲਾ, ਉਹ ਭੁੱਲ ਨਹੀਂ ਕਰਦੇ? ਪਰ ਜਿਹੜੇ ਭਲੀਆਂ ਜੁਗਤਾਂ ਕਰਦੇ ਹਨ ਉਨ੍ਹਾਂ ਨਾਲ ਦਯਾ ਅਤੇ ਸਚਿਆਈ ਹੁੰਦੀ ਹੈ।
23 ਮਿਹਨਤ ਨਾਲ ਸਦਾ ਲਾਭ ਹੁੰਦਾ ਹੈ, ਪਰ ਬੁੱਲ੍ਹਾਂ ਦੀ ਬਕਵਾਸ ਨਾਲ ਥੁੜ ਹੀ ਰਹਿੰਦੀ ਹੈ।
24 ਬੁੱਧਵਾਨਾਂ ਦਾ ਧਨ ਉਨ੍ਹਾਂ ਦਾ ਮੁਕਟ ਹੈ, ਪਰ ਮੂਰਖਾਂ ਦੀ ਮੂਰਖਤਾ ਨਿਰੀ ਮੂਰਖਤਾ ਹੀ ਹੈ।
25 ਸੱਚਾ ਗਵਾਹ ਤਾਂ ਪ੍ਰਾਣਾਂ ਨੂੰ ਬਚਾ ਲੈਂਦਾ ਹੈ, ਪਰ ਧੋਖੇਬਾਜ਼ ਗਵਾਹ ਝੂਠ ਹੀ ਝੂਠ ਮਾਰਦਾ ਹੈ।
26 ਯਹੋਵਾਹ ਦੇ ਭੈਅ ਮੰਨਣ ਵਿੱਚ ਪੱਕਾ ਭਰੋਸਾ ਹੈ, ਅਤੇ ਉਹ ਦੇ ਪੁੱਤਰਾਂ ਲਈ ਵੀ ਪਨਾਹ ਦਾ ਸਥਾਨ ਹੈ।
27 ਯਹੋਵਾਹ ਦਾ ਭੈਅ ਜੀਵਨ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ।
28 ਪਰਜਾ ਦੇ ਵਾਧੇ ਨਾਲ ਰਾਜੇ ਦੀ ਸ਼ਾਨ ਹੁੰਦੀ ਹੈ, ਪਰ ਪਰਜਾ ਦੇ ਘੱਟਣ ਨਾਲ ਹਾਕਮ ਦੀ ਤਬਾਹੀ ਹੁੰਦੀ ਹੈ।
29 ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ, ਪਰ ਜਿਹੜਾ ਛੇਤੀ ਕ੍ਰੋਧ ਕਰਦਾ ਹੈ ਉਹ ਮੂਰਖਤਾਈ ਨੂੰ ਉੱਚਾ ਕਰਦਾ ਹੈ।
30 ਸ਼ਾਂਤ ਮਨ ਸਰੀਰ ਦਾ ਜੀਵਨ ਹੈ, ਪਰ ਈਰਖਾ ਹੱਡੀਆਂ ਨੂੰ ਸਾੜ ਦਿੰਦੀ ਹੈ।
31 ਜਿਹੜਾ ਗਰੀਬ ਉੱਤੇ ਹਨੇਰ ਕਰਦਾ ਹੈ, ਉਹ ਆਪਣੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ।
32 ਦੁਸ਼ਟ ਤਾਂ ਬੁਰਿਆਈ ਕਰਦਾ-ਕਰਦਾ ਨਾਸ ਹੋ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਰਮੇਸ਼ੁਰ ਦੀ ਪਨਾਹ ਪਾਉਂਦਾ ਹੈ।
33 ਸਮਝ ਵਾਲੇ ਦੇ ਮਨ ਵਿੱਚ ਬੁੱਧ ਵਾਸ ਕਰਦੀ ਹੈ, ਪਰ ਮੂਰਖ ਦੇ ਅੰਦਰ ਜੋ ਕੁਝ ਹੈ ਉਹ ਪ੍ਰਗਟ ਹੋ ਜਾਂਦਾ ਹੈ।
34 ਧਾਰਮਿਕਤਾ ਕੌਮ ਦੀ ਤਰੱਕੀ ਕਰਦੀ ਹੈ, ਪਰ ਪਾਪ ਉੱਮਤਾਂ ਲਈ ਨਿਰਾਦਰ ਦਾ ਕਾਰਨ ਹੁੰਦਾ ਹੈ।
35 ਬੁੱਧਵਾਨ ਨੌਕਰ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਪਰ ਲੱਜਿਆਵਾਨ ਕਰਨ ਵਾਲੇ ਉੱਤੇ ਉਹ ਕ੍ਰੋਧਵਾਨ ਹੁੰਦਾ ਹੈ।
ਕਹਾਉਤਾਂ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ