6 ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈਅ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ।
7 ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਨਾਲ ਵੀ ਉਸ ਦਾ ਮੇਲ ਕਰਾਉਂਦਾ ਹੈ।
8 ਧਰਮ ਨਾਲ ਥੋੜਾ ਜਿਹਾ ਲਾਭ ਬੇਇਮਾਨੀ ਦੀ ਵੱਡੀ ਆਮਦਨੀ ਨਾਲੋਂ ਚੰਗਾ ਹੈ।
9 ਆਦਮੀ ਦੇ ਮਨ ਦੇ ਵਿਚਾਰ ਉਹ ਦੇ ਰਾਹਾਂ ਨੂੰ ਠਹਿਰਾਉਂਦੇ ਹਨ, ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ।
10 ਰਾਜੇ ਦੇ ਮੂੰਹ ਤੋਂ ਸਵਰਗੀ ਬਚਨ ਨਿੱਕਲਦਾ ਹੈ, ਨਿਆਂ ਕਰਨ ਦੇ ਸਮੇਂ ਉਹ ਦਾ ਮੂੰਹ ਭੁੱਲ ਨਹੀਂ ਕਰਦਾ।
11 ਸੱਚੀ ਤੱਕੜੀ ਦੇ ਪੱਲੇ ਯਹੋਵਾਹ ਦੇ ਹਨ, ਗੁੱਥਲੀ ਦੇ ਸਾਰੇ ਵੱਟੇ ਓਸੇ ਦਾ ਕੰਮ ਹਨ।
12 ਬੁਰਿਆਈ ਕਰਨੀ ਰਾਜੇ ਲਈ ਘਿਣਾਉਣੀ ਹੈ, ਕਿਉਂ ਜੋ ਧਰਮ ਨਾਲ ਹੀ ਉਨ੍ਹਾਂ ਦੀ ਗੱਦੀ ਦਾ ਟਿਕਾਓ ਹੁੰਦਾ ਹੈ।
13 ਧਰਮੀ ਦੇ ਬੋਲਾਂ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਅਤੇ ਜਿਹੜਾ ਸਿੱਧੀ ਗੱਲ ਕਰਦਾ ਹੈ ਉਹ ਦੇ ਨਾਲ ਉਹ ਪ੍ਰੇਮ ਰੱਖਦਾ ਹੈ।
14 ਰਾਜੇ ਦਾ ਗੁੱਸਾ ਮੌਤ ਦੇ ਦੂਤ ਵਰਗਾ ਹੈ, ਪਰ ਬੁੱਧਵਾਨ ਮਨੁੱਖ ਉਹ ਨੂੰ ਠੰਡਾ ਕਰਦਾ ਹੈ।
15 ਰਾਜੇ ਦੇ ਮੁੱਖ ਦੀ ਚਮਕ ਵਿੱਚ ਜੀਵਨ ਹੈ, ਅਤੇ ਉਹ ਦੀ ਕਿਰਪਾ ਬਰਸਾਤ ਦੀ ਆਖਰੀ ਬੱਦਲੀ ਵਰਗੀ ਹੁੰਦੀ ਹੈ।
16 ਬੁੱਧ ਦੀ ਪ੍ਰਾਪਤੀ ਚੋਖੇ ਸੋਨੇ ਨਾਲੋਂ ਕਿੰਨੀ ਉੱਤਮ ਹੈ, ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ।
17 ਬੁਰਿਆਈ ਤੋਂ ਦੂਰ ਰਹਿਣਾ ਸਚਿਆਰਾਂ ਦੇ ਲਈ ਰਾਜ ਮਾਰਗ ਹੈ, ਜਿਹੜਾ ਆਪਣੀ ਚਾਲ ਦੀ ਚੌਕਸੀ ਕਰਦਾ ਹੈ ਉਹ ਆਪਣੀ ਜਾਨ ਨੂੰ ਬਚਾਉਂਦਾ ਹੈ।
18 ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ।
19 ਘਮੰਡੀਆਂ ਨਾਲ ਲੁੱਟ ਦਾ ਮਾਲ ਵੰਡਣ ਨਾਲੋਂ ਕੰਗਾਲਾਂ ਦੇ ਨਾਲ ਨੀਵਾਂ ਹੋ ਕੇ ਰਹਿਣਾ ਚੰਗਾ ਹੈ।
20 ਜਿਹੜਾ ਬਚਨ ਉੱਤੇ ਮਨ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ, ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਧੰਨ ਹੋਵੇਗਾ!
21 ਜਿਹੜਾ ਬੁੱਧਵਾਨ ਹੈ ਉਹ ਸਮਝਦਾਰ ਕਹਾਉਂਦਾ ਹੈ, ਅਤੇ ਮਿੱਠਾ ਬੋਲਣ ਨਾਲ ਸਿਖਾਉਣ ਦੀ ਸ਼ਕਤੀ ਵੱਧ ਜਾਂਦੀ ਹੈ।
22 ਬੁੱਧਵਾਨ ਦੇ ਲਈ ਬੁੱਧ ਜੀਵਨ ਦਾ ਸੋਤਾ ਹੈ, ਪਰ ਮੂਰਖਾਂ ਨੂੰ ਸਿਖਾਉਣਾ ਮੂਰਖਤਾਈ ਹੀ ਹੈ।
23 ਬੁੱਧਵਾਨ ਦਾ ਮਨ ਉਹ ਦੇ ਮੂੰਹ ਨੂੰ ਸਿਖਾਉਂਦਾ ਹੈ, ਅਤੇ ਉਹ ਦੇ ਬੋਲਾਂ ਵਿੱਚ ਗਿਆਨ ਹੁੰਦਾ ਹੈ।
24 ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ, ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ।