8ਜਿਹੜਾ ਬੁੱਧ ਨੂੰ ਪ੍ਰਾਪਤ ਕਰਦਾ ਹੈ ਉਹ ਆਪਣੀ ਜਾਨ ਨਾਲ ਪ੍ਰੀਤ ਰੱਖਦਾ ਹੈ, ਜਿਹੜਾ ਸਮਝ ਦੀ ਪਾਲਣਾ ਕਰਦਾ ਹੈ ਉਹ ਨੂੰ ਲਾਭ ਮਿਲੇਗਾ।
9ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜਿਹੜਾ ਝੂਠ ਬੋਲਦਾ ਹੈ ਉਹ ਦਾ ਨਾਸ ਹੋਵੇਗਾ।
10ਮੌਜ ਮਾਣਨਾ ਮੂਰਖ ਨੂੰ ਨਹੀਂ ਫੱਬਦਾ, ਤਾਂ ਸਰਦਾਰਾਂ ਉੱਤੇ ਸੇਵਕਾਂ ਦਾ ਹੁਕਮ ਚਲਾਉਣਾ ਕਿਵੇਂ ਫੱਬੇ?
11ਸਮਝ ਆਦਮੀ ਨੂੰ ਕ੍ਰੋਧ ਵਿੱਚ ਧੀਮਾ ਬਣਾਉਂਦੀ ਹੈ, ਅਤੇ ਅਪਰਾਧ ਤੋਂ ਮੂੰਹ ਫ਼ੇਰ ਲੈਣ ਵਿੱਚ ਉਹ ਦੀ ਸ਼ਾਨ ਹੈ।
12ਰਾਜੇ ਦਾ ਕਹਿਰ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਪਰ ਉਹ ਦੀ ਪ੍ਰਸੰਨਤਾ ਘਾਹ ਉੱਤੇ ਪਈ ਹੋਈ ਤ੍ਰੇਲ ਵਾਂਗੂੰ ਹੈ।
13ਮੂਰਖ ਪੁੱਤਰ ਪਿਤਾ ਦੇ ਲਈ ਬਿਪਤਾ ਹੈ, ਅਤੇ ਪਤਨੀ ਦੇ ਝਗੜੇ-ਰਗੜੇ ਸਦਾ ਛੱਤ ਦੇ ਚੋਣ ਵਾਂਗੂੰ ਹਨ।
14ਘਰ ਅਤੇ ਧਨ ਮਾਪਿਆਂ ਤੋਂ ਮਿਰਾਸ ਵਿੱਚ ਮਿਲਦੇ ਹਨ, ਪਰ ਬੁੱਧਵਾਨ ਪਤਨੀ ਯਹੋਵਾਹ ਵੱਲੋਂ ਮਿਲਦੀ ਹੈ।
15ਆਲਸ ਘੂਕ ਨੀਂਦ ਵਿੱਚ ਪਾ ਦਿੰਦੀ ਹੈ, ਅਤੇ ਸੁਸਤ ਪ੍ਰਾਣੀ ਭੁੱਖਾ ਰਹਿੰਦਾ ਹੈ।
16ਜਿਹੜਾ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਦਾ ਹੈ ਉਹ ਆਪਣੀ ਜਾਨ ਦੀ ਪਾਲਣਾ ਕਰਦਾ ਹੈ, ਪਰ ਜੋ ਆਪਣੇ ਚਾਲ-ਚੱਲਣ ਉੱਤੇ ਧਿਆਨ ਨਹੀਂ ਦਿੰਦਾ ਉਹ ਮਰ ਜਾਵੇਗਾ।