10ਚਾਂਦੀ ਨਾਲੋਂ ਮੇਰੀ ਸਿੱਖਿਆ ਨੂੰ, ਅਤੇ ਚੋਖੇ ਸੋਨੇ ਨਾਲੋਂ ਗਿਆਨ ਨੂੰ ਗ੍ਰਹਿਣ ਕਰੋ,
11ਕਿਉਂ ਜੋ ਬੁੱਧ ਹੀਰੇ ਮੋਤੀਆਂ ਨਾਲੋਂ ਵੀ ਉੱਤਮ ਹੈ, ਅਤੇ ਸੱਭੋ ਮਨੋਹਰ ਵਸਤਾਂ ਉਹ ਦੇ ਤੁੱਲ ਨਹੀਂ ਹੁੰਦੀਆਂ।
12ਮੈਂ ਬੁੱਧ ਸਿਆਣਪ ਨਾਲ ਵੱਸਦੀ ਹਾਂ, ਅਤੇ ਗਿਆਨ ਤੇ ਸੋਝੀ ਨੂੰ ਮੈਂ ਹੀ ਭਾਲਦੀ ਹਾਂ।
13ਯਹੋਵਾਹ ਦਾ ਭੈਅ ਬੁਰਿਆਈ ਤੋਂ ਨਫ਼ਰਤ ਕਰਨਾ ਹੈ, ਘਮੰਡ, ਹੰਕਾਰ ਅਤੇ ਬੁਰੀ ਚਾਲ, ਪੁੱਠੀਆਂ ਸਿੱਧੀਆਂ ਗੱਲਾਂ ਨਾਲ ਵੀ ਮੈਂ ਵੈਰ ਰੱਖਦੀ ਹਾਂ।
14ਮੱਤ ਅਤੇ ਸਿਆਣਪ ਮੇਰੀ ਹੈ, ਸਮਝ ਮੈਂ ਹਾਂ, ਸਮਰੱਥਾ ਮੇਰੀ ਹੈ।
15ਰਾਜੇ ਮੇਰੀ ਸਹਾਇਤਾ ਨਾਲ ਰਾਜ ਕਰਦੇ, ਅਤੇ ਹਾਕਮ ਧਰਮ ਦੇ ਹੁਕਮ ਚਲਾਉਂਦੇ ਹਨ।
16ਮੇਰੇ ਹੀ ਕਾਰਨ ਸਰਦਾਰ ਸਰਦਾਰੀ ਕਰਦੇ ਹਨ, ਨਾਲੇ ਧਰਤੀ ਦੇ ਪਤਵੰਤੇ ਅਤੇ ਸਾਰੇ ਨਿਆਈਂ ਵੀ।
17ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ, ਅਤੇ ਜਿਹੜੇ ਮਨ ਨਾਲ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ।
18ਧਨ ਅਤੇ ਆਦਰ ਮੇਰੇ ਹੱਥ ਵਿੱਚ ਹਨ, ਸਗੋਂ ਸਦੀਪਕ ਧਨ ਤੇ ਧਰਮ ਵੀ।
19ਮੇਰਾ ਫਲ ਸੋਨੇ ਸਗੋਂ ਚੋਖੇ ਸੋਨੇ ਨਾਲੋਂ ਚੰਗਾ ਹੈ, ਅਤੇ ਮੇਰੀ ਪ੍ਰਾਪਤੀ ਉੱਤਮ ਚਾਂਦੀ ਨਾਲੋਂ ਵੀ ਚੰਗੀ ਹੈ।
20ਮੈਂ ਧਰਮ ਦੇ ਮਾਰਗ ਵਿੱਚ, ਅਤੇ ਨਿਆਂ ਦੇ ਰਾਹਾਂ ਦੇ ਵਿਚਕਾਰ ਤੁਰਦੀ ਹਾਂ,
21ਤਾਂ ਜੋ ਆਪਣੇ ਪ੍ਰੇਮੀਆਂ ਨੂੰ ਧਨ ਦੇ ਵਾਰਿਸ ਬਣਾਵਾਂ ਅਤੇ ਉਨ੍ਹਾਂ ਦੇ ਖ਼ਜ਼ਾਨੇ ਭਰ ਦੇਵਾਂ।
22ਯਹੋਵਾਹ ਨੇ ਆਪਣੇ ਕੰਮ ਦੇ ਅਰੰਭ ਵਿੱਚ, ਸਗੋਂ ਆਪਣੇ ਪ੍ਰਾਚੀਨ ਕਾਲ ਦੇ ਕੰਮਾਂ ਤੋਂ ਵੀ ਪਹਿਲਾਂ ਮੈਨੂੰ ਰਚਿਆ।
23ਆਦ ਤੋਂ ਸਗੋਂ ਧਰਤੀ ਦੀ ਸਿਰਜਣਾ ਤੋਂ ਪਹਿਲਾਂ ਹੀ, ਮੁੱਢੋਂ ਹੀ ਮੈਂ ਠਹਿਰਾਈ ਗਈ।
24ਜਿਸ ਵੇਲੇ ਗਹਿਰੇ ਸਾਗਰ ਨਹੀਂ ਸਨ, ਜਦ ਵਗਦੇ ਸੋਤੇ ਨਹੀਂ ਸਨ, ਤਦ ਤੋਂ ਹੀ ਮੈਂ ਪੈਦਾ ਹੋਈ।
25ਪਹਾੜਾਂ ਅਤੇ ਪਹਾੜੀਆਂ ਦੀ ਸਥਾਪਨਾ ਤੋਂ ਪਹਿਲਾਂ ਹੀ ਮੈਂ ਪੈਦਾ ਹੋਈ।
26ਜਦੋਂ ਪਰਮੇਸ਼ੁਰ ਨੇ ਨਾ ਹੀ ਧਰਤੀ, ਨਾ ਮੈਦਾਨ, ਨਾ ਜਗਤ ਦੀ ਪਹਿਲੀ ਧੂੜ ਹੀ ਬਣਾਈ ਸੀ, ਇਸ ਤੋਂ ਪਹਿਲਾਂ ਹੀ ਤੋਂ ਮੈਂ ਪੈਦਾ ਹੋਈ।
27ਜਦ ਉਹ ਨੇ ਅਕਾਸ਼ ਸਥਿਰ ਕੀਤੇ, ਮੈਂ ਉੱਥੇ ਹੀ ਸੀ, ਜਦ ਗਹਿਰੇ ਸਾਗਰਾਂ ਉੱਤੇ ਅਕਾਸ਼ ਮੰਡਲ ਠਹਿਰਾਇਆ।
28ਜਦ ਉਹ ਨੇ ਬੱਦਲਾਂ ਨੂੰ ਉੱਪਰੋਂ ਸਥਿਰ ਕੀਤਾ, ਅਤੇ ਡੂੰਘਿਆਈ ਦੇ ਚਸ਼ਮੇ ਬਣਾਏ,
29ਜਦ ਉਹ ਨੇ ਸਮੁੰਦਰ ਦੀਆਂ ਹੱਦਾਂ ਠਹਿਰਾਈਆਂ, ਤਾਂ ਜੋ ਪਾਣੀ ਉਹ ਦੇ ਹੁਕਮੋਂ ਬਾਹਰ ਨਾ ਜਾਵੇ, ਅਤੇ ਜਦ ਉਹ ਨੇ ਧਰਤੀ ਦੀਆਂ ਨੀਹਾਂ ਠਹਿਰਾਈਆਂ,