153 ਮੇਰੇ ਦੁੱਖ ਦੇ ਵੇਲੇ ਵੇਖ ਤੇ ਮੈਨੂੰ ਛੁਡਾ, ਕਿਉਂ ਜੋ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ!
154 ਮੇਰਾ ਮੁਦੱਪਾ ਲੜ ਤੇ ਮੈਨੂੰ ਛੁਟਕਾਰਾ ਦੇ, ਆਪਣੇ ਬਚਨ ਨਾਲ ਮੈਨੂੰ ਜਿਉਂਦਾ ਰੱਖ!
155 ਮੁਕਤੀ ਦੁਸ਼ਟਾਂ ਤੋਂ ਦੂਰ ਹੈ, ਇਸ ਲਈ ਕਿ ਓਹ ਤੇਰੀਆਂ ਬਿਧੀਆਂ ਨੂੰ ਨਹੀਂ ਭਾਲਦੇ।
156 ਹੇ ਯਹੋਵਾਹ, ਤੇਰੇ ਰਹਮ ਬਹੁਤ ਸਾਰੇ ਹਨ, ਆਪਣੇ ਨਿਆਂਵਾਂ ਅਨੁਸਾਰ ਮੈਨੂੰ ਜਿਉਂਦਾ ਰੱਖ!
157 ਮੇਰੇ ਪਿੱਛਾ ਕਰਨ ਵਾਲੇ ਤੇ ਮੇਰੇ ਵਿਰੋਧੀ ਬਹੁਤ ਹਨ, ਪਰ ਮੈਂ ਤੇਰੀਆਂ ਸਾਖੀਆਂ ਤੋਂ ਨਹੀਂ ਮੁੜਿਆ।
158 ਮੈਂ ਚਾਲਬਾਜ਼ਾਂ ਨੂੰ ਵੇਖਿਆ ਤੇ ਘਿਣ ਕੀਤੀ, ਜਿਹੜੇ ਤੇਰੇ ਬਚਨ ਦੀ ਪਾਲਣਾ ਨਹੀਂ ਕਰਦੇ।
159 ਵੇਖ, ਕਿ ਮੈਂ ਤੇਰੇ ਫ਼ਰਮਾਨਾਂ ਨਾਲ ਪ੍ਰੀਤ ਰੱਖਦਾ ਹਾਂ, ਹੇ ਯਹੋਵਾਹ, ਆਪਣੀ ਦਯਾ ਅਨੁਸਾਰ ਮੈਨੂੰ ਜਿਉਂਦਾ ਰੱਖ!
160 ਤੇਰੇ ਬਚਨ ਦਾ ਤਾਤ ਪਰਜ ਸਚਿਆਈ ਹੈ, ਅਤੇ ਤੇਰੇ ਧਰਮ ਦਾ ਸਾਰਾ ਨਿਆਂ ਸਦਾ ਤੱਕ ਹੈ।
161 ਸਰਦਾਰਾਂ ਨੇ ਧਿਗਾਣੇ ਮੇਰਾ ਪਿੱਛਾ ਕੀਤਾ, ਪਰ ਮੇਰਾ ਮਨ ਤੇਰੇ ਬਚਨ ਤੋਂ ਭੈਅ ਰੱਖਦਾ ਹੈ।
162 ਮੈਂ ਤੇਰੇ ਬਚਨ ਦੇ ਕਾਰਨ ਖੁਸ਼ ਹਾਂ, ਜਿਵੇਂ ਕੋਈ ਵੱਡੀ ਲੁੱਟ ਦੇ ਮਿਲਣ ਤੇ ਹੁੰਦਾ ਹੈ!
163 ਮੈਂ ਝੂਠ ਨਾਲ ਵੈਰ ਤੇ ਘਿਣ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਮੈਂ ਪ੍ਰੀਤ ਰੱਖਦਾ ਹਾਂ।
164 ਤੇਰੇ ਧਰਮ ਦੇ ਨਿਆਂਵਾਂ ਦੇ ਕਾਰਨ, ਮੈਂ ਦਿਨ ਵਿੱਚ ਸੱਚ ਵਾਰ ਤੇਰੀ ਉਸਤਤ ਕਰਦਾ ਹਾਂ।
165 ਤੇਰੀ ਬਿਵਸਥਾ ਦੇ ਪ੍ਰੇਮੀਆਂ ਨੂੰ ਵੱਡਾ ਚੈਨ ਹੈ, ਅਤੇ ਉਨ੍ਹਾਂ ਨੂੰ ਕੋਈ ਠੋਕਰ ਨਹੀਂ ਲੱਗਦੀ।
166 ਹੇ ਯਹੋਵਾਹ, ਮੈਂ ਤੇਰੀ ਮੁਕਤੀ ਦੀ ਉਡੀਕ ਕੀਤੀ, ਅਤੇ ਤੇਰੇ ਹੁਕਮਾਂ ਨੂੰ ਪੂਰਾ ਕੀਤਾ।
167 ਮੇਰੀ ਜਾਨ ਨੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਅਤੇ ਮੈਂ ਉਨ੍ਹਾਂ ਦੇ ਨਾਲ ਵੱਡੀ ਪ੍ਰੀਤ ਲਾਈ!
168 ਮੈਂ ਤੇਰੇ ਫ਼ਰਮਾਨਾਂ ਤੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਇਸ ਲਈ ਕਿ ਮੇਰੀਆਂ ਸਾਰੀਆਂ ਚਾਲਾਂ ਤੇਰੇ ਸਾਹਮਣੇ ਹਨ।
169 ਮੇਰੀ ਪੁਕਾਰ, ਹੇ ਯਹੋਵਾਹ, ਤੇਰੇ ਹਜ਼ੂਰ ਪਹੁੰਚੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਸਮਝ ਦੇ!
170 ਮੇਰੀ ਅਰਜੋਈ ਤੇਰੇ ਹਜ਼ੂਰ ਆਵੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਛੁਡਾ!
171 ਮੇਰੇ ਬੁੱਲ੍ਹ ਤੇਰੀ ਉਸਤਤ ਉਚਰਨ, ਕਿਉਂ ਜੋ ਤੂੰ ਆਪਣੀਆਂ ਬਿਧੀਆਂ ਮੈਨੂੰ ਸਿਖਾਉਂਦਾ ਹੈਂ।
172 ਮੇਰੀ ਜੀਭ ਤੇਰੇ ਬਚਨ ਦਾ ਗੀਤ ਗਾਵੇ, ਕਿਉਂ ਜੋ ਤੇਰੇ ਸਾਰੇ ਹੁਕਮ ਧਰਮ ਦੇ ਹਨ।
173 ਤੇਰਾ ਹੱਥ ਮੇਰੀ ਸਹਾਇਤਾ ਲਈ ਤਿਆਰ ਹੋਵੇ, ਕਿਉਂ ਜੋ ਮੈਂ ਤੇਰੇ ਫ਼ਰਮਾਨ ਚੁਣ ਲਏ ਹਨ।