1ਦਾਊਦ ਦਾ ਭਜਨ। ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ ਲੈ, ਮੇਰੀ ਬੇਨਤੀ ਉੱਤੇ ਕੰਨ ਲਾ, ਆਪਣੀ ਵਫ਼ਾਦਾਰੀ ਅਤੇ ਆਪਣੇ ਧਰਮ ਵਿੱਚ ਮੈਨੂੰ ਉੱਤਰ ਦੇ!
2ਆਪਣੇ ਦਾਸ ਨੂੰ ਅਦਾਲਤ ਵਿੱਚ ਨਾ ਲਿਆ, ਕਿਉਂ ਜੋ ਤੇਰੇ ਹਜ਼ੂਰ ਕੋਈ ਧਰਮੀ ਨਹੀਂ ਠਹਿਰ ਸਕਦਾ।
3ਵੈਰੀ ਨੇ ਮੇਰੀ ਜਾਨ ਦਾ ਪਿੱਛਾ ਕੀਤਾ ਹੈ, ਉਹ ਨੇ ਮੇਰੀ ਜਿੰਦ ਨੂੰ ਚਿੱਥ ਕੇ ਧਰਤੀ ਉੱਤੇ ਸੁੱਟ ਦਿੱਤਾ ਹੈ, ਉਹ ਨੇ ਮੈਨੂੰ ਅਨ੍ਹੇਰੇ ਥਾਵਾਂ ਵਿੱਚ ਵਸਾਇਆ ਹੈ, ਚਿਰ ਦੇ ਮੋਇਆਂ ਹੋਇਆਂ ਵਾਂਗੂੰ!
4ਤਦੇ ਮੇਰਾ ਆਤਮਾ ਮੇਰੇ ਅੰਦਰ ਨਢਾਲ ਹੈ, ਮੇਰਾ ਦਿਲ ਮੇਰੇ ਅੰਦਰ ਵਿਆਕੁਲ ਹੈ।
5ਮੈਂ ਪੁਰਾਣਿਆਂ ਸਮਿਆਂ ਨੂੰ ਯਾਦ ਕਰਦਾ ਹਾਂ, ਮੈਂ ਤੇਰੀਆਂ ਸਾਰੀਆਂ ਕਰਨੀਆਂ ਦਾ ਵਿਚਾਰ ਕਰਦਾ ਹਾਂ, ਮੈਂ ਤੇਰੇ ਹੱਥਾਂ ਦੇ ਕੰਮ ਦਾ ਧਿਆਨ ਕਰਦਾ ਹਾਂ।
6ਮੈਂ ਆਪਣੇ ਹੱਥ ਤੇਰੀ ਵੱਲ ਅੱਡਦਾ ਹਾਂ, ਮੇਰੀ ਜਾਨ ਸੁੱਕੀ ਧਰਤੀ ਵਾਂਗੂੰ ਤੇਰੀ ਤਿਹਾਈ ਹੈ। ਸਲਹ।
7ਛੇਤੀ ਕਰ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੇਰਾ ਆਤਮਾ ਬਸ ਹੋ ਚੱਲਿਆ, ਆਪਣਾ ਮੂੰਹ ਮੇਰੇ ਕੋਲੋਂ ਨਾ ਲੁਕਾ, ਕਿਤੇ ਮੈਂ ਕਬਰ ਵਿੱਚ ਉੱਤਰਨ ਵਾਲਿਆਂ ਵਰਗਾ ਨਾ ਹੋ ਜਾਂਵਾਂ!