1ਪ੍ਰਧਾਨ ਵਜਾਉਣ ਵਾਲੇ ਦੇ ਲਈ। ਯਹੋਵਾਹ ਦੇ ਦਾਸ ਦਾਊਦ ਦਾ ਗੀਤ, ਜਿਸ ਦੇ ਬਚਨ ਉਸ ਨੇ ਯਹੋਵਾਹ ਦੇ ਲਈ ਉਸ ਸਮੇਂ ਗਾਏ ਜਦੋਂ ਯਹੋਵਾਹ ਨੇ ਉਸ ਨੂੰ ਉਸ ਦੇ ਸਾਰੇ ਵੈਰੀਆਂ ਅਰਥਾਤ ਸ਼ਾਊਲ ਦੇ ਹੱਥੋਂ ਬਚਾਇਆ ਸੀ। ਉਸ ਨੇ ਕਿਹਾ: ਹੇ ਯਹੋਵਾਹ, ਮੇਰੇ ਬਲ, ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।
2ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰੀ ਚੱਟਾਨ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ਼, ਮੇਰੇ ਬਚਾਓ ਦਾ ਸਿੰਗ ਅਤੇ ਮੇਰਾ ਉੱਚਾ ਗੜ੍ਹ ਹੈ।
3ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ, ਪੁਕਾਰਾਂਗਾ ਅਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਵਾਂਗਾ।
4ਮੌਤ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਅਤੇ ਕੁਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ।
5ਅਧੋਲੋਕ ਦੀਆਂ ਰੱਸੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਦੇ ਮੇਰੇ ਚੁਫ਼ੇਰੇ ਸਨ।
6ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਆਪਣੇ ਪਰਮੇਸ਼ੁਰ ਦੀ ਦੁਹਾਈ ਦਿੱਤੀ। ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਸ ਦੇ ਅੱਗੇ, ਸਗੋਂ ਉਸ ਦੇ ਕੰਨਾਂ ਤੱਕ ਪਹੁੰਚੀ।
7ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਪਹਾੜਾਂ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਕਿਉਂ ਜੋ ਉਹ ਕ੍ਰੋਧਵਾਨ ਹੋ ਗਿਆ ਸੀ!
8ਉਸ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ, ਅਤੇ ਉਸ ਦੇ ਮੂੰਹ ਤੋਂ ਅੱਗ ਭਸਮ ਕਰਦੀ ਸੀ, ਅੰਗਿਆਰੇ ਉਸ ਤੋਂ ਦਗ-ਦਗ ਕਰਨ ਲੱਗੇ।
9ਉਸ ਨੇ ਅਕਾਸ਼ਾਂ ਨੂੰ ਝੁਕਾਇਆ ਅਤੇ ਹੇਠਾਂ ਉਤਰਿਆ, ਅਤੇ ਉਸ ਦੇ ਪੈਰਾਂ ਹੇਠ ਘੁੱਪ ਹਨ੍ਹੇਰਾ ਸੀ।
10ਤਦ ਉਹ ਕਰੂਬ ਉੱਤੇ ਸਵਾਰ ਹੋ ਕੇ ਉੱਡਿਆ, ਹਾਂ, ਉਹ ਨੇ ਪੌਣ ਦਿਆਂ ਖੰਭਾਂ ਉੱਤੇ ਉਡਾਰੀ ਮਾਰੀ।
11ਉਸ ਨੇ ਹਨੇਰੇ ਨੂੰ ਆਪਣਾ ਗੁਪਤ ਸਥਾਨ, ਬੱਦਲਾਂ ਦੇ ਇਕੱਠ ਅਤੇ ਅਕਾਸ਼ ਦੀਆਂ ਘਟਾਂਵਾਂ ਨੂੰ ਆਪਣੇ ਆਲੇ-ਦੁਆਲੇ ਦਾ ਮੰਡਪ ਬਣਾਇਆ।
12ਉਹ ਦੀ ਹਜ਼ੂਰੀ ਦੀ ਝਲਕ ਤੋਂ ਅਤੇ ਉਹ ਦੀਆਂ ਘਟਾਂਵਾਂ ਦੇ ਵਿੱਚੋਂ ਗੜੇ ਅਤੇ ਅੰਗਿਆਰੇ ਨਿੱਕਲੇ।
13ਤਦ ਯਹੋਵਾਹ ਅਕਾਸ਼ ਵਿੱਚ ਗਰਜਿਆ, ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ।
14ਫੇਰ ਉਸ ਨੇ ਆਪਣੇ ਤੀਰ ਚਲਾ ਕੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕੀਤਾ, ਅਤੇ ਬਿਜਲੀਆਂ ਲਿਸ਼ਕਾ ਕੇ ਉਨ੍ਹਾਂ ਨੂੰ ਘਬਰਾ ਦਿੱਤਾ।
15ਤਾਂ ਤੇਰੇ ਦਬਕੇ ਦੇ ਕਾਰਨ, ਹੇ ਯਹੋਵਾਹ, ਤੇਰੀਆਂ ਨਾਸਾਂ ਦੇ ਸੁਆਸ ਦੇ ਝੋਕੇ ਦੇ ਕਾਰਨ ਸਮੁੰਦਰਾਂ ਦੀਆਂ ਸਤਹ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁੱਲ੍ਹ ਗਈਆਂ।
16ਉਸ ਨੇ ਉੱਪਰੋਂ ਹੱਥ ਵਧਾ ਕੇ ਮੈਨੂੰ ਸੰਭਾਲ ਲਿਆ ਅਤੇ ਮੈਨੂੰ ਪਾਣੀ ਦੇ ਹੜ੍ਹਾਂ ਵਿੱਚੋਂ ਕੱਢ ਲਿਆ।
17ਮੇਰੇ ਬਲਵੰਤ ਵੈਰੀ ਤੋਂ ਉਸ ਨੇ ਮੈਨੂੰ ਛੁਡਾਇਆ, ਅਤੇ ਉਹਨਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ।
18ਮੇਰੀ ਬਿਪਤਾ ਦੇ ਦਿਨ ਉਨ੍ਹਾਂ ਨੇ ਮੇਰਾ ਸਾਹਮਣਾ ਕੀਤਾ, ਪਰੰਤੂ ਯਹੋਵਾਹ ਮੇਰਾ ਆਸਰਾ ਸੀ।
19ਉਹ ਮੈਨੂੰ ਖੁੱਲ੍ਹੇ ਸਥਾਨ ਵਿੱਚ ਕੱਢ ਲਿਆਇਆ, ਉਸ ਨੇ ਮੈਨੂੰ ਛੁਡਾਇਆ ਕਿਉਂ ਜੋ ਉਹ ਮੈਥੋਂ ਪ੍ਰਸੰਨ ਸੀ।
20ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ, ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ,
21ਕਿਉਂ ਜੋ ਮੈਂ ਯਹੋਵਾਹ ਦੇ ਰਾਹਾਂ ਦੀ ਪਾਲਣਾ ਕੀਤੀ, ਅਤੇ ਬਦੀ ਕਰਕੇ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਨਹੀਂ ਹੋਇਆ।
22ਉਹ ਦੇ ਸਾਰੇ ਨਿਯਮ ਮੇਰੇ ਸਾਹਮਣੇ ਰਹੇ, ਅਤੇ ਉਹ ਦੀਆਂ ਬਿਧੀਆਂ ਨੂੰ ਮੈਂ ਆਪਣੇ ਕੋਲੋਂ ਦੂਰ ਨਾ ਕੀਤਾ।