55 ਉਸ ਨੇ ਕੌਮਾਂ ਨੂੰ ਉਨ੍ਹਾਂ ਦੇ ਅੱਗੋਂ ਕੱਢ ਦਿੱਤਾ, ਅਤੇ ਜਰੀਬ ਨਾਲ ਮਿਣ ਕੇ ਉਨ੍ਹਾਂ ਨੂੰ ਮਿਲਖ਼ ਦਿੱਤੀ, ਅਤੇ ਇਸਰਾਏਲ ਦੀਆਂ ਗੋਤਾਂ ਨੂੰ ਉਨ੍ਹਾਂ ਦੇ ਤੰਬੂਆਂ ਵਿੱਚ ਵਸਾਇਆ।
56 ਤਾਂ ਵੀ ਉਨ੍ਹਾਂ ਨੇ ਅੱਤ ਮਹਾਨ ਪਰਮੇਸ਼ੁਰ ਨੂੰ ਪਰਤਾਇਆ ਅਤੇ ਉਸ ਤੋਂ ਆਕੀ ਹੋ ਗਏ, ਅਤੇ ਉਸ ਦੀਆਂ ਸਾਖੀਆਂ ਦੀ ਪਾਲਣਾ ਨਾ ਕੀਤੀ।
57 ਸਗੋਂ ਓਹ ਫਿਰ ਗਏ ਅਤੇ ਆਪਣੇ ਪੁਰਖਿਆਂ ਵਾਂਗੂੰ ਛਲੀਏ ਹੋ ਗਏ, ਓਹ ਵਿੰਗੇ ਧਣੁੱਖ ਵਾਂਗੂੰ ਕੁੱਬੇ ਹੋ ਗਏ ਸਨ।
58 ਆਪਣਿਆਂ ਉੱਚਿਆਂ ਥਾਵਾਂ ਦੇ ਕਾਰਨ ਉਸ ਦੇ ਗੁੱਸੇ ਨੂੰ ਛੇੜਿਆ, ਅਤੇ ਆਪਣੀਆਂ ਉੱਕਰੀਆਂ ਹੋਈਆਂ ਮੂਰਤਾਂ ਦੇ ਕਾਰਨ ਉਸ ਦੀ ਅਣਖ ਨੂੰ ਹਿਲਾਇਆ।
59 ਪਰਮੇਸ਼ੁਰ ਨੇ ਸੁਣਿਆ, ਤਾਂ ਬਹੁਤ ਤੱਪਿਆ, ਅਤੇ ਇਸਰਾਏਲ ਤੋਂ ਬਹੁਤ ਘਿਣ ਖਾਧੀ।
60 ਉਸ ਨੇ ਸ਼ੀਲੋਹ ਦੇ ਡੇਰੇ ਨੂੰ ਅਤੇ ਉਸ ਤੰਬੂ ਨੂੰ ਜਿਹੜਾ ਉਸ ਨੇ ਆਦਮੀਆਂ ਵਿੱਚ ਖੜ੍ਹਾ ਕੀਤਾ ਸੀ ਛੱਡ ਦਿੱਤਾ।