4ਪ੍ਰਭੂ ਯਿਸੂ ਮਸੀਹ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਤੇ ਆਦਰ ਹੁੰਦਾ ਹੈ।
5ਅਤੇ ਉਹ ਉੱਥੇ ਕੋਈ ਚਮਤਕਾਰ ਨਾ ਵਿਖਾ ਸਕਿਆ ਪਰ ਥੋੜ੍ਹੇ ਜਿਹੇ ਰੋਗੀਆਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ।
6ਅਤੇ ਪ੍ਰਭੂ ਉਨ੍ਹਾਂ ਦੇ ਅਵਿਸ਼ਵਾਸ ਉੱਤੇ ਹੈਰਾਨ ਹੋਇਆ ਅਤੇ ਉਹ ਆਲੇ-ਦੁਆਲੇ ਦੇ ਪਿੰਡਾਂ ਵਿੱਚ ਉਪਦੇਸ਼ ਦਿੰਦਾ ਰਿਹਾ।
7ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਦੋ-ਦੋ ਕਰ ਕੇ ਭੇਜਿਆ ਅਤੇ ਉਸ ਨੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ।
8ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਰਾਹ ਦੇ ਲਈ ਲਾਠੀ ਤੋਂ ਬਿਨ੍ਹਾਂ ਹੋਰ ਕੁਝ ਨਾ ਲਓ, ਨਾ ਰੋਟੀ, ਨਾ ਝੋਲਾ, ਅਤੇ ਨਾ ਜੇਬ ਵਿੱਚ ਪੈਸੇ
9ਪਰ ਜੁੱਤੀ ਪਾਓ ਅਤੇ ਦੋ ਕੁੜਤੇ ਨਾ ਲਵੋ।
10ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿੱਥੇ ਕਿਤੇ ਤੁਸੀਂ ਕਿਸੇ ਘਰ ਵਿੱਚ ਜਾਓ ਤਾਂ ਜਿੰਨਾਂ ਚਿਰ ਉੱਥੋਂ ਨਾ ਤੁਰੋ, ਉੱਥੇ ਹੀ ਟਿਕੋ।
11ਪਰ ਜਿਸ ਨਗਰ ਦੇ ਲੋਕ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਉਨ੍ਹਾਂ ਉੱਤੇ ਗਵਾਹੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।
12ਤਾਂ ਉਹ ਬਾਹਰ ਜਾ ਕੇ ਪਰਚਾਰ ਕਰਨ ਲੱਗੇ ਜੋ ਆਪਣਿਆਂ ਪਾਪਾਂ ਤੋਂ ਤੋਬਾ ਕਰੋ।
13ਅਤੇ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਬਹੁਤ ਸਾਰੇ ਰੋਗੀਆਂ ਉੱਤੇ ਤੇਲ ਮਲ ਕੇ ਉਨ੍ਹਾਂ ਨੂੰ ਚੰਗਾ ਕੀਤਾ।
14ਅਤੇ ਜਦੋਂ ਰਾਜਾ ਹੇਰੋਦੇਸ ਨੇ ਪ੍ਰਭੂ ਯਿਸੂ ਦੀ ਚਰਚਾ ਸੁਣੀ, ਕਿਉਂ ਜੋ ਉਹ ਦਾ ਨਾਮ ਬਹੁਤ ਫੈਲ ਗਿਆ ਸੀ। ਤਾਂ ਉਸ ਨੇ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਇਹ ਸ਼ਕਤੀਆਂ ਉਹ ਦੇ ਵਿੱਚ ਕੰਮ ਕਰ ਰਹੀਆਂ ਹਨ!