31ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਹਰੇਕ ਪਾਪ ਅਤੇ ਨਿੰਦਿਆ ਮਨੁੱਖਾਂ ਨੂੰ ਮਾਫ਼ ਕੀਤਾ ਜਾਵੇਗਾ, ਪਰ ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਹ ਮਾਫ਼ ਨਹੀਂ ਕੀਤਾ ਜਾਵੇਗਾ।
32ਅਤੇ ਜੇ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਗੱਲ ਕਰੇ, ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਸ ਨੂੰ ਨਾ ਇਸ ਜੁੱਗ ਵਿੱਚ ਅਤੇ ਨਾ ਹੀ ਆਉਣ ਵਾਲੇ ਜੁੱਗ ਵਿੱਚ ਮਾਫ਼ ਕੀਤਾ ਜਾਵੇਗਾ।
33ਜੇ ਰੁੱਖ ਨੂੰ ਚੰਗਾ ਆਖੋ, ਤਾਂ ਉਸ ਦੇ ਫਲ ਨੂੰ ਵੀ ਚੰਗਾ ਆਖੋ ਜਾਂ ਰੁੱਖ ਨੂੰ ਬੁਰਾ ਆਖੋ ਤਾਂ ਉਸ ਦੇ ਫਲ ਨੂੰ ਵੀ ਬੁਰਾ ਆਖੋ, ਕਿਉਂਕਿ ਰੁੱਖ ਆਪਣੇ ਫਲਾਂ ਤੋਂ ਹੀ ਪਛਾਣਿਆ ਜਾਂਦਾ ਹੈ।
34ਹੇ ਸੱਪਾਂ ਦੇ ਬੱਚਿਓ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹੀ ਮੂੰਹ ਵਿੱਚੋਂ ਨਿੱਕਲਦਾ ਹੈ।
35ਭਲਾ ਮਨੁੱਖ ਮਨ ਦੇ ਭਲੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਮਨੁੱਖ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆਂ ਗੱਲਾਂ ਕੱਢਦਾ ਹੈ।
36ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲ ਦਾ ਜੋ ਉਹ ਬੋਲਣ, ਨਿਆਂ ਦੇ ਦਿਨ ਉਹ ਦਾ ਹਿਸਾਬ ਦੇਣਗੇ।
37ਇਸ ਲਈ ਜੋ ਤੂੰ ਆਪਣੀਆਂ ਗੱਲਾਂ ਦੇ ਕਾਰਨ ਨਿਰਦੋਸ਼ ਅਤੇ ਆਪਣੀਆਂ ਗੱਲਾਂ ਦੇ ਕਾਰਨ ਦੋਸ਼ੀ ਠਹਿਰਾਇਆ ਜਾਵੇਂਗਾ।
38ਫਿਰ ਕੁਝ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਆਖਿਆ, ਗੁਰੂ ਜੀ ਅਸੀਂ ਕੋਈ ਨਿਸ਼ਾਨ ਵੇਖਣਾ ਚਾਹੁੰਦੇ ਹਾਂ।
39ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ਬੁਰੀ ਅਤੇ ਹਰਾਮਕਾਰ ਪੀੜ੍ਹੀ ਨਿਸ਼ਾਨ ਚਾਹੁੰਦੀ ਹੈ ਪਰ ਯੂਨਾਹ ਨਬੀ ਦੇ ਨਿਸ਼ਾਨ ਤੋਂ ਇਲਾਵਾ, ਉਨ੍ਹਾਂ ਨੂੰ ਕੋਈ ਹੋਰ ਨਿਸ਼ਾਨ ਨਹੀਂ ਦਿੱਤਾ ਜਾਵੇਗਾ।
40ਕਿਉਂਕਿ ਜਿਸ ਤਰ੍ਹਾਂ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਮੱਛੀ ਦੇ ਢਿੱਡ ਵਿੱਚ ਰਿਹਾ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਤਿੰਨ ਦਿਨ ਅਤੇ ਤਿੰਨ ਰਾਤਾਂ ਧਰਤੀ ਦੇ ਅੰਦਰ ਰਹੇਗਾ।
41ਨੀਨਵਾਹ ਦੇ ਲੋਕ ਨਿਆਂ ਦੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ, ਇੱਥੇ ਉਹ ਹੈ ਜੋ ਯੂਨਾਹ ਨਾਲੋਂ ਵੀ ਵੱਡਾ ਹੈ।
42ਦੱਖਣ ਦੀ ਰਾਣੀ ਨਿਆਂ ਵਾਲੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂਕਿ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਆਈ ਅਤੇ ਵੇਖੋ, ਇੱਥੇ ਉਹ ਹੈ ਜੋ ਸੁਲੇਮਾਨ ਨਾਲੋਂ ਵੀ ਵੱਡਾ ਹੈ।
43ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ।
44ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਂਵਾਂਗਾ ਅਤੇ ਆ ਕੇ ਉਹ ਨੂੰ ਵਿਹਲਾ ਅਤੇ ਝਾੜਿਆ ਸੁਆਰਿਆ ਹੋਇਆ ਵੇਖਦਾ ਹੈ।