Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਮੱਤੀ

ਮੱਤੀ 6

Help us?
Click on verse(s) to share them!
1ਸਾਵਧਾਨ, ਤੁਸੀਂ ਆਪਣੇ ਧਾਰਮਿਕਤਾ ਦੇ ਕੰਮ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ, ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ, ਕੁਝ ਵੀ ਫਲ ਪ੍ਰਾਪਤ ਨਾ ਕਰੋਗੇ।
2ਇਸ ਲਈ ਜਦ ਤੁਸੀਂ ਦਾਨ ਕਰੋਂ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾ ਚੁੱਕੇ।
3ਪਰ ਜਦੋਂ ਤੂੰ ਦਾਨ ਦੇਵੇਂ ਤਾਂ ਜੋ ਕੁਝ ਤੂੰ ਸੱਜੇ ਹੱਥ ਨਾਲ ਦਿੰਦਾ ਤੇਰਾ ਖੱਬਾ ਹੱਥ ਨਾ ਜਾਣੇ,
4ਤੇਰਾ ਦਾਨ ਗੁਪਤ ਵਿੱਚ ਹੋਵੇ, ਤਾਂ ਜੋ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਤੈਨੂੰ ਫਲ ਦੇਵੇ।
5ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਦੀ ਤਰ੍ਹਾਂ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਘਰਾਂ ਅਤੇ ਚੌਕਾਂ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ, ਤਾਂ ਜੋ ਮਨੁੱਖ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।
6ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਆਪਣੇ ਕਮਰੇ ਵਿੱਚ ਜਾਓ ਅਤੇ ਦਰਵਾਜ਼ਾ ਬੰਦ ਕਰ ਕੇ, ਆਪਣੇ ਪਿਤਾ ਅੱਗੇ ਜਿਹੜਾ ਗੁਪਤ ਹੈ ਪ੍ਰਾਰਥਨਾ ਕਰੋ! ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਉਹ ਤੈਨੂੰ ਫਲ ਦੇਵੇਗਾ।
7ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗੂੰ ਨਾ ਕਰੋ, ਕਿਉਂਕਿ ਉਹ ਸਮਝਦੇ ਹਨ ਕਿ ਸਾਡੇ ਜ਼ਿਆਦਾ ਬੋਲਣ ਨਾਲ ਸਾਡੀ ਸੁਣੀ ਜਾਵੇਗੀ।
8ਇਸ ਲਈ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ, ਕਿਉਂਕਿ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਤੁਹਾਡੀਆਂ ਜ਼ਰੂਰਤਾਂ ਨੂੰ ਜਾਣਦਾ ਹੈ।
9ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਸਾਡੇ ਪਿਤਾ, ਜਿਹੜਾ ਸਵਰਗ ਵਿੱਚ ਹੈਂ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,
10ਤੇਰਾ ਰਾਜ ਆਵੇ, ਤੇਰੀ ਮਰਜ਼ੀ ਜਿਵੇਂ ਸਵਰਗ ਵਿੱਚ ਪੂਰੀ ਹੁੰਦੀ ਹੈ ਧਰਤੀ ਉੱਤੇ ਵੀ ਹੋਵੇ।
11ਸਾਡੀ ਰੋਜ਼ ਦੀ ਰੋਟੀ ਅੱਜ ਸਾਨੂੰ ਦੇ,
12ਅਤੇ ਸਾਡੇ ਗੁਨਾਹ ਸਾਨੂੰ ਮਾਫ਼ ਕਰ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕੀਤਾ ਹੈ,
13ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ। ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ। ਆਮੀਨ।
14ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ।
15ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ।
16ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਦੀ ਤਰ੍ਹਾਂ ਉਦਾਸੀ ਵਾਲਾ ਚਿਹਰਾ ਨਾ ਬਣਾਓ, ਕਿਉਂ ਜੋ ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ, ਕਿ ਲੋਕ ਜਾਨਣ ਜੋ ਉਹਨਾਂ ਨੇ ਵਰਤ ਰੱਖਿਆ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।
17ਪਰ ਜਦੋਂ ਤੂੰ ਵਰਤ ਰੱਖੇਂ ਤਾਂ ਆਪਣੇ ਸਿਰ ਉੱਤੇ ਤੇਲ ਲਾ ਅਤੇ ਆਪਣਾ ਮੂੰਹ ਧੋ।
18ਤੂੰ ਮਨੁੱਖਾਂ ਨੂੰ ਨਹੀਂ ਪਰ ਆਪਣੇ ਪਿਤਾ ਨੂੰ ਜਿਹੜਾ ਗੁਪਤ ਹੈ ਵਰਤੀ ਮਲੂਮ ਹੋਵੇਂ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ।

19ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ।
20ਪਰ ਸਵਰਗ ਵਿੱਚ ਆਪਣੇ ਲਈ ਧਨ ਜੋੜੋ, ਜਿੱਥੇ ਨਾ ਕੋਈ ਕੀੜਾ ਨਾ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰ ਕੇ ਚੁਰਾਉਂਦੇ ਹਨ।
21ਕਿਉਂਕਿ ਜਿੱਥੇ ਤੁਹਾਡਾ ਧਨ ਹੋਵੇਗਾ, ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।
22ਸਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਚਾਨਣ ਨਾਲ ਭਰਪੂਰ ਹੋਵੇਗਾ।
23ਪਰ ਜੇ ਤੁਹਾਡੀ ਅੱਖ ਵਿੱਚ ਬੁਰਾਈ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਹਨ੍ਹੇਰੇ ਨਾਲ ਭਰਿਆ ਹੋਵੇਗਾ। ਸੋ ਜੇ ਤੁਹਾਡੇ ਅੰਦਰ ਦਾ ਚਾਨਣ ਹੀ ਹਨ੍ਹੇਰਾ ਹੈ ਤਾਂ ਉਹ ਹਨ੍ਹੇਰਾ ਕਿੰਨ੍ਹਾਂ ਵਧੇਰੇ ਹੋਵੇਗਾ।
24ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।
25ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਕਿ ਅਸੀਂ ਕੀ ਪਹਿਨਾਂਗੇ? ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ?
26ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ! ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਅਤੇ ਨਾ ਭੜੋਲਿਆਂ ਵਿੱਚ ਇਕੱਠਿਆਂ ਕਰਦੇ ਹਨ! ਪਰ ਤੁਹਾਡਾ ਸਵਰਗੀ ਪਿਤਾ ਉਨ੍ਹਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ?
27ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ?
28ਅਤੇ ਪਹਿਰਾਵੇ ਲਈ ਕਿਉਂ ਚਿੰਤਾ ਕਰਦੇ ਹੋ? ਜੰਗਲੀ ਫੁੱਲਾਂ ਨੂੰ ਵੇਖੋ ਕਿ ਉਹ ਕਿਵੇਂ ਵੱਧਦੇ ਹਨ। ਉਹ ਨਾ ਮਿਹਨਤ ਕਰਦੇ ਨਾ ਕੱਤਦੇ ਹਨ।
29ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ।
30ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜੀ ਅੱਜ ਹੈ ਅਤੇ ਕੱਲ੍ਹ ਅੱਗ ਵਿੱਚ ਝੋਕਿਆ ਜਾਂਦਾ ਹੈ, ਅਜਿਹਾ ਪਹਿਰਾਵਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਕੀ ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ?
31ਇਸ ਲਈ ਤੁਸੀਂ ਚਿੰਤਾ ਕਰ ਕੇ ਇਹ ਨਾ ਆਖੋ ਕਿ ਅਸੀਂ ਕੀ ਖਾਵਾਂਗੇ? ਜਾਂ ਕੀ ਪੀਵਾਂਗੇ? ਜਾਂ ਕੀ ਪਹਿਨਾਂਗੇ?
32ਪਰਾਈਆਂ ਕੌਮਾਂ ਦੇ ਲੋਕ ਤਾਂ ਇਨ੍ਹਾਂ ਸਭਨਾਂ ਵਸਤਾਂ ਦੀ ਭਾਲ ਵਿੱਚ ਲੱਗੇ ਰਹਿੰਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂ ਜੋ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਦੀ ਲੋੜ ਹੈ।
33ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।
34ਇਸ ਲਈ ਤੁਸੀਂ ਕੱਲ ਦੀ ਚਿੰਤਾ ਨਾ ਕਰੋ ਕਿਉਂ ਜੋ ਕੱਲ ਆਪਣੇ ਲਈ ਆਪੇ ਚਿੰਤਾ ਕਰੇਗਾ। ਅੱਜ ਦੇ ਲਈ ਅੱਜ ਦਾ ਹੀ ਦੁੱਖ ਬਥੇਰਾ ਹੈ।