14 ਇਸ ਤੋਂ ਅੱਗੇ ਜਾਂ ਪਿੱਛੇ ਅਜਿਹਾ ਦਿਨ ਕਦੀ ਨਹੀਂ ਹੋਇਆ ਕਿ ਯਹੋਵਾਹ ਨੇ ਮਨੁੱਖ ਦੀ ਅਵਾਜ਼ ਸੁਣੀ ਹੋਵੇ ਕਿਉਂ ਜੋ ਯਹੋਵਾਹ ਇਸਰਾਏਲ ਲਈ ਲੜਿਆ।
15 ਯਹੋਸ਼ੁਆ ਅਤੇ ਸਾਰਾ ਇਸਰਾਏਲ ਉਹ ਦੇ ਨਾਲ ਗਿਲਗਾਲ ਦੇ ਡੇਰੇ ਨੂੰ ਮੁੜੇ।
16 ਪਰ ਇਹ ਪੰਜ ਰਾਜੇ ਨੱਸ ਗਏ ਅਤੇ ਮੱਕੇਦਾਹ ਦੀ ਗੁਫ਼ਾ ਵਿੱਚ ਜਾ ਲੁਕੇ।
17 ਤਾਂ ਯਹੋਸ਼ੁਆ ਨੂੰ ਦੱਸਿਆ ਗਿਆ ਕਿ ਉਹ ਪੰਜ ਰਾਜੇ ਲੱਭ ਗਏ ਹਨ ਅਤੇ ਮੱਕੇਦਾਹ ਦੀ ਗੁਫ਼ਾ ਵਿੱਚ ਲੁਕੇ ਹੋਏ ਹਨ।
18 ਤਾਂ ਯਹੋਸ਼ੁਆ ਨੇ ਆਖਿਆ ਕਿ ਗੁਫ਼ਾ ਦੇ ਮੂੰਹ ਉੱਤੇ ਵੱਡੇ-ਵੱਡੇ ਪੱਥਰ ਰੱਖ ਦਿਓ ਅਤੇ ਉਹਨਾਂ ਦੀ ਰਾਖੀ ਲਈ ਮਨੁੱਖ ਉਹ ਦੇ ਕੋਲ ਖੜ੍ਹਾ ਕਰ ਦਿਓ।
19 ਪਰ ਤੁਸੀਂ ਨਾ ਖੜ੍ਹੇ ਹੋਇਓ, ਆਪਣੇ ਵੈਰੀਆਂ ਦਾ ਪਿੱਛਾ ਕਰੋ ਅਤੇ ਉਹਨਾਂ ਦੇ ਵਿੱਚੋਂ ਜਿਹੜੇ ਪਿੱਛੇ ਰਹਿ ਗਏ ਹਨ ਉਹਨਾਂ ਨੂੰ ਮਾਰੋ। ਉਹਨਾਂ ਨੂੰ ਆਪਣੇ ਸ਼ਹਿਰਾਂ ਵਿੱਚ ਵੜਨ ਨਾ ਦਿਓ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਹੈ।
20 ਇਸ ਤਰ੍ਹਾਂ ਹੋਇਆ ਕਿ ਜਦ ਯਹੋਸ਼ੁਆ ਅਤੇ ਇਸਰਾਏਲੀਆਂ ਨੇ ਉਹਨਾਂ ਨੂੰ ਅੱਤ ਵੱਡੀ ਮਾਰ ਨਾਲ ਮਾਰ ਕੇ ਮੁਕਾ ਦਿੱਤਾ ਤਾਂ ਉਹਨਾਂ ਦੇ ਜਿਹੜੇ ਪਿੱਛੇ ਰਹਿ ਗਏ ਸਨ ਉਹਨਾਂ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਜਾ ਵੜੇ।
21 ਸਾਰੇ ਲੋਕ ਯਹੋਸ਼ੁਆ ਕੋਲ ਮੱਕੇਦਾਹ ਦੇ ਡੇਰੇ ਨੂੰ ਸੁਲਾਹ ਨਾਲ ਮੁੜ ਪਏ ਅਤੇ ਕਿਸੇ ਨੇ ਆਪਣਾ ਮੂੰਹ ਕਿਸੇ ਇਸਰਾਏਲੀ ਦੇ ਵਿਰੁੱਧ ਨਾ ਖੋਲ੍ਹਿਆ।
22 ਫਿਰ ਯਹੋਸ਼ੁਆ ਨੇ ਆਖਿਆ, ਗੁਫ਼ਾ ਦੇ ਮੂੰਹ ਨੂੰ ਖੋਲ੍ਹੋ ਅਤੇ ਗੁਫ਼ਾ ਵਿੱਚੋਂ ਇਹ ਪੰਜੇ ਰਾਜੇ ਮੇਰੇ ਕੋਲ ਲੈ ਆਓ।
23 ਉਹਨਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਗੁਫ਼ਾ ਵਿੱਚੋਂ ਇਹ ਪੰਜੇ ਰਾਜੇ ਉਹ ਦੇ ਕੋਲ ਲੈ ਆਏ ਅਰਥਾਤ ਯਰੂਸ਼ਲਮ ਦਾ ਰਾਜਾ, ਹਬਰੋਨ ਦਾ ਰਾਜਾ, ਯਰਮੂਥ ਦਾ ਰਾਜਾ, ਲਾਕੀਸ਼ ਦਾ ਰਾਜਾ ਅਤੇ ਅਗਲੋਨ ਦਾ ਰਾਜਾ।
24 ਫਿਰ ਇਸ ਤਰ੍ਹਾਂ ਹੋਇਆ ਕਿ ਜਦ ਉਹ ਉਹਨਾਂ ਰਾਜਿਆਂ ਨੂੰ ਯਹੋਸ਼ੁਆ ਦੇ ਕੋਲ ਲੈ ਆਏ ਤਾਂ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਮਨੁੱਖਾਂ ਨੂੰ ਸੱਦਿਆ ਅਤੇ ਯੋਧਿਆਂ ਦੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਜਾਂਦੇ ਸਨ ਆਖਿਆ, ਨੇੜੇ ਆ ਕੇ ਆਪਣੇ ਪੈਰ ਇਹਨਾਂ ਰਾਜਿਆਂ ਦੀਆਂ ਗਰਦਨਾਂ ਉੱਤੇ ਰੱਖੋ ਸੋ ਉਹਨਾਂ ਨੇ ਨੇੜੇ ਆ ਕੇ ਆਪਣੇ ਪੈਰ ਉਹਨਾਂ ਦੀਆਂ ਗਰਦਨਾਂ ਉੱਤੇ ਰੱਖੇ।
25 ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਨਾ ਡਰੋ ਅਤੇ ਨਾ ਘਬਰਾਓ। ਤਕੜੇ ਹੋਵੋ ਅਤੇ ਹੌਂਸਲਾ ਰੱਖੋ ਕਿਉਂ ਜੋ ਯਹੋਵਾਹ ਤੁਹਾਡੇ ਸਾਰੇ ਵੈਰੀਆਂ ਨਾਲ ਜਿਨ੍ਹਾਂ ਦੇ ਵਿਰੁੱਧ ਤੁਸੀਂ ਲੜਦੇ ਹੋ ਅਜਿਹਾ ਹੀ ਕਰੇਗਾ।
26 ਇਸ ਤੋਂ ਬਾਅਦ ਯਹੋਸ਼ੁਆ ਨੇ ਉਹਨਾਂ ਨੂੰ ਜਾਨੋਂ ਮਾਰ ਸੁੱਟਿਆ ਅਤੇ ਉਹਨਾਂ ਨੂੰ ਪੰਜਾਂ ਰੁੱਖਾਂ ਉੱਤੇ ਟੰਗ ਦਿੱਤਾ ਅਤੇ ਉਹ ਸ਼ਾਮਾਂ ਤੱਕ ਉਹਨਾਂ ਰੁੱਖਾਂ ਉੱਤੇ ਟੰਗੇ ਰਹੇ।