20ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ।
21ਪਰ ਜੋ ਵਿਅਕਤੀ ਸੱਚਾਈ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।
22ਇਸ ਦੇ ਪਿਛੋਂ ਯਿਸੂ ਅਤੇ ਉਸ ਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਆਏ। ਉੱਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ।
23ਯੂਹੰਨਾ ਵੀ ਏਨੋਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ। ਏਨੋਨ ਸਾਲੇਮ ਦੇ ਨੇੜੇ ਹੈ। ਯੂਹੰਨਾ ਉੱਥੇ ਇਸ ਲਈ ਬਪਤਿਸਮਾ ਦਿੰਦਾ ਸੀ ਕਿਉਂਕਿ ਉੱਥੇ ਬਹੁਤ ਪਾਣੀ ਸੀ। ਲੋਕ ਉੱਥੇ ਬਪਤਿਸਮਾ ਲੈਣ ਲਈ ਜਾਂਦੇ ਸਨ।
24ਇਹ ਗੱਲ ਯੂਹੰਨਾ ਨੂੰ ਕੈਦ ਹੋਣ ਤੋਂ ਪਹਿਲਾਂ ਦੀ ਹੈ।
25ਫਿਰ ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਬਹਿਸ ਕੀਤੀ।
26ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹੜਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ। ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਆ ਰਹੇ ਸਨ।”
27ਯੂਹੰਨਾ ਨੇ ਉੱਤਰ ਦਿੱਤਾ, “ਇਨਸਾਨ ਨੂੰ ਉਹੀ ਮਿਲਦਾ ਹੈ ਜੋ ਉਸ ਨੂੰ ਪਰਮੇਸ਼ੁਰ ਸਵਰਗੋਂ ਦਿੰਦਾ ਹੈ।”
28ਤੁਸੀਂ ਮੈਨੂੰ ਇਹ ਕਹਿੰਦਿਆਂ ਸੁਣਿਆ ਕਿ “ਮੈਂ ਮਸੀਹ ਨਹੀਂ ਹਾਂ, ਪਰ ਮੈਂ ਪਰਮੇਸ਼ੁਰ ਦੇ ਦੁਆਰਾ ਉਸ ਵਾਸਤੇ ਰਾਹ ਬਣਾਉਣ ਲਈ ਭੇਜਿਆ ਗਿਆ ਸੀ।”
29ਲਾੜੀ ਕੇਵਲ ਲਾੜੇ ਦੀ ਹੁੰਦੀ ਹੈ, ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਫਿਰ ਬਹੁਤ ਖੁਸ਼ ਹੁੰਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ।
30ਇਸ ਲਈ ਜ਼ਰੂਰ ਹੈ ਜੋ ਉਹ ਵਧੇ ਅਤੇ ਮੈਂ ਘਟਾਂ।
31“ਉਹ ਜੋ ਉੱਪਰੋਂ ਆਉਂਦਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ, ਬਾਕੀ ਸਾਰਿਆਂ ਤੋਂ ਮਹਾਨ ਹੈ।
32ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ।