53ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਸੱਚਾ ਜੀਵਨ ਨਹੀਂ ਹੋਵੇਗਾ।
54ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਆਖਰੀ ਦਿਨ ਪ੍ਰਗਟ ਕਰਾਂਗਾ।
55ਮੇਰਾ ਸਰੀਰ ਸੱਚ-ਮੁੱਚ ਖਾਣ ਅਤੇ ਮੇਰਾ ਲਹੂ ਸੱਚ-ਮੁੱਚ ਪੀਣ ਦੀ ਵਸਤੂ ਹੈ।
56ਉਹ ਜਿਹੜਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਮੈਂ ਉਸ ਵਿੱਚ ਅਤੇ ਉਹ ਮੇਰੇ ਵਿੱਚ ਰਹਿੰਦਾ ਹੈ।
57ਜਿਉਂਦੇ ਪਿਤਾ ਨੇ ਮੈਨੂੰ ਭੇਜਿਆ ਅਤੇ ਮੈਂ ਪਿਤਾ ਰਾਹੀਂ ਜਿਉਂਦਾ ਹਾਂ। ਇਸ ਲਈ ਜੋ ਮੈਨੂੰ ਖਾਂਦਾ ਹੈ ਮੇਰੇ ਰਾਹੀਂ ਜੀਵੇਗਾ।
58ਮੈਂ ਉਸ ਰੋਟੀ ਵਰਗਾ ਨਹੀਂ ਹਾਂ, ਜਿਹੜੀ ਸਾਡੇ ਵੱਡਿਆਂ ਨੇ ਉਜਾੜ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗੂੰ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਪਕ ਜੀਵੇਗਾ।”
59ਜਦੋਂ ਯਿਸੂ ਕਫ਼ਰਨਾਹੂਮ ਦੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇ ਰਿਹਾ ਸੀ ਉਸ ਨੇ ਇਹ ਸਭ ਗੱਲਾਂ ਆਖੀਆਂ।
60ਉਸ ਦੇ ਬਹੁਤ ਸਾਰੇ ਚੇਲਿਆਂ ਨੇ ਇਹ ਸੁਣ ਕੇ ਆਖਿਆ, “ਇਹ ਉਪਦੇਸ਼ ਬਹੁਤ ਮੁਸ਼ਕਿਲ ਹੈ। ਕੌਣ ਇਸ ਉਪਦੇਸ਼ ਨੂੰ ਕਬੂਲ ਕਰ ਸਕਦਾ ਹੈ?”
61ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਬੁੜਬੁੜਾ ਰਹੇ ਸਨ ਇਸ ਲਈ ਉਸ ਨੇ ਕਿਹਾ, “ਕੀ ਇਹ ਉਪਦੇਸ਼ ਤੋਂ ਤੁਹਾਨੂੰ ਠੋਕਰ ਲੱਗਦੀ ਹੈ?
62ਤਾਂ ਕੀ ਤੁਸੀਂ ਉਦੋਂ ਹੋਰ ਵੀ ਵਧੇਰੇ ਪਰੇਸ਼ਾਨ ਨਹੀਂ ਹੋਵੋਂਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਵਰਗ ਵਿੱਚ ਜਾਂਦਿਆਂ ਵੇਖੋਂਗੇ, ਜਿੱਥੋਂ ਉਹ ਆਇਆ ਸੀ?