5 ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ।
6 ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ।
7 ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ।
8 ਅਤੇ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ, ਤਦ ਉਹ ਨੇ ਇਸੇ ਤਰ੍ਹਾਂ ਕੀਤਾ। ਫੇਰ ਉਸ ਨੇ ਉਹ ਨੂੰ ਆਖਿਆ, ਆਪਣੇ ਕੱਪੜੇ ਪਹਿਨ ਕੇ ਮੇਰੇ ਮਗਰ ਆ ਜਾ।
9 ਅਤੇ ਉਹ ਨਿੱਕਲ ਕੇ ਉਸ ਦੇ ਪਿੱਛੇ-ਪਿੱਛੇ ਤੁਰ ਪਿਆ ਅਤੇ ਉਸ ਨੂੰ ਇਹ ਪਤਾ ਨਾ ਲੱਗਿਆ ਕਿ ਇਹ ਜੋ ਦੂਤ ਵੱਲੋਂ ਹੋ ਰਿਹਾ ਹੈ ਸੋ ਸੱਚ ਹੈ, ਪਰ ਉਸ ਨੇ ਸੋਚਿਆ ਕਿ ਮੈਂ ਇੱਕ ਦਰਸ਼ਣ ਵੇਖ ਰਿਹਾ ਹਾਂ।
10 ਤਦ ਉਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਇੱਕ ਲੋਹੇ ਦੇ ਫਾਟਕ ਤੱਕ ਆਏ, ਜਿਹੜਾ ਸ਼ਹਿਰ ਵਿੱਚ ਪੁਹੰਚਾਉਂਦਾ ਹੈ ਅਤੇ ਉਹ ਫਾਟਕ ਆਪਣੇ ਆਪ ਉਨ੍ਹਾਂ ਲਈ ਖੁੱਲ੍ਹ ਗਿਆ ਅਤੇ ਉਹ ਨਿੱਕਲ ਕੇ ਇੱਕ ਗਲੀ ਦੇ ਵਿੱਚ ਤੁਰ ਪਏ ਤਾਂ ਉਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ।
11 ਤਦ ਪਤਰਸ ਨੇ ਹੋਸ਼ ਵਿੱਚ ਆ ਕੇ ਕਿਹਾ ਕਿ ਹੁਣ ਮੈਂ ਠੀਕ ਜਾਣ ਗਿਆਂ ਹਾਂ ਕਿ ਪ੍ਰਭੂ ਨੇ ਆਪਣਾ ਦੂਤ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਛੁਡਾਇਆ ਅਤੇ ਯਹੂਦੀ ਕੌਮ ਦੀ ਸਾਰੀ ਉਮੀਦ ਤੋੜ ਦਿੱਤੀ ਹੈ!
12 ਫਿਰ ਉਹ ਇਹ ਸਭ ਸੋਚ ਕੇ, ਯੂਹੰਨਾ ਜੋ ਮਰਕੁਸ ਅਖਵਾਉਂਦਾ ਹੈ ਉਹ ਦੀ ਮਾਤਾ ਮਰਿਯਮ ਦੇ ਘਰ ਆਇਆ ਜਿੱਥੇ ਬਹੁਤ ਲੋਕ ਇਕੱਠੇ ਹੋ ਕੇ ਪ੍ਰਾਰਥਨਾ ਕਰ ਰਹੇ ਸਨ।
13 ਜਦੋਂ ਉਹ ਨੇ ਡਿਉੜੀ ਦਾ ਦਰਵਾਜ਼ਾ ਖੜਕਾਇਆ ਤਾਂ ਇੱਕ ਰੋਦੇ ਨਾਮ ਦੀ ਦਾਸੀ ਦੇਖਣ ਆਈ।
14 ਅਤੇ ਪਤਰਸ ਦੀ ਅਵਾਜ਼ ਪਛਾਣ ਕੇ ਖੁਸ਼ੀ ਦੇ ਕਾਰਨ ਬੂਹਾ ਨਾ ਖੋਲ੍ਹਿਆ ਪਰ ਦੌੜ ਕੇ ਅੰਦਰ ਜਾ ਕੇ ਦੱਸਿਆ ਕਿ ਪਤਰਸ ਡਿਉੜੀ ਦੇ ਅੱਗੇ ਖੜ੍ਹਾ ਹੈ!