26ਤਦ ਉਹ ਸਰਦਾਰ ਸਿਪਾਹੀਆਂ ਨਾਲ ਜਾ ਕੇ, ਉਹਨਾਂ ਨੂੰ ਲਿਆਇਆ ਪਰ ਧੱਕੇ ਨਾਲ ਨਹੀਂ ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ਕਿ ਉਹ ਸਾਨੂੰ ਪੱਥਰ ਨਾ ਮਾਰਨ।
27ਅਤੇ ਉਹਨਾਂ ਨੂੰ ਲਿਆ ਕੇ ਮਹਾਂ ਸਭਾ ਵਿੱਚ ਖੜੇ ਕੀਤਾ। ਤਦ ਪ੍ਰਧਾਨ ਜਾਜਕ ਨੇ ਉਹਨਾਂ ਨੂੰ ਪੁੱਛਿਆ।
28ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਆ ਜਾਵੇ।
29ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ੁਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ।
30ਸਾਡੇ ਬਾਪ ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ।
31ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ।
32ਅਸੀਂ ਇਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤਰ ਆਤਮਾ ਵੀ ਜੋ ਪਰਮੇਸ਼ੁਰ ਨੇ ਆਪਣੇ ਮੰਨਣ ਵਾਲਿਆਂ ਨੂੰ ਬਖ਼ਸ਼ਿਆ ਹੈ।
33ਇਹ ਸੁਣ ਕੇ ਉਹ ਗੁੱਸੇ ਨਾਲ ਭਰ ਗਏ ਅਤੇ ਉਹਨਾਂ ਨੂੰ ਮਾਰਨ ਦੀ ਯੋਜਨਾ ਬਣਾਈ।