4 ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ।
5 ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ।
6 ਉਹ ਹਰੇਕ ਨੂੰ ਉਹ ਦੇ ਕੰਮਾਂ ਦੇ ਅਨੁਸਾਰ ਫਲ ਦੇਵੇਗਾ।
7 ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ।
8 ਪਰ ਜਿਹੜੇ ਵਿਦ੍ਰੋਹੀ ਹਨ ਅਤੇ ਸੱਚ ਨੂੰ ਨਹੀਂ ਮੰਨਦੇ ਸਗੋਂ ਝੂਠ ਨੂੰ ਮੰਨਦੇ ਹਨ, ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ।
9 ਬਿਪਤਾ ਅਤੇ ਕਸ਼ਟ ਹਰੇਕ ਮਨੁੱਖ ਦੀ ਜਾਨ ਉੱਤੇ ਹੋਵੇਗਾ, ਜਿਹੜਾ ਬੁਰਿਆਈ ਕਰਦਾ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਉੱਤੇ।
10 ਪਰ ਹਰੇਕ ਨੂੰ ਜਿਹੜਾ ਭਲਿਆਈ ਕਰਦਾ ਹੈ ਮਹਿਮਾ, ਆਦਰ ਅਤੇ ਸ਼ਾਂਤੀ ਪ੍ਰਾਪਤ ਹੋਵੇਗੀ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਨੂੰ।
11 ਪਰਮੇਸ਼ੁਰ ਦੀ ਹਜ਼ੂਰੀ ਵਿੱਚ ਕਿਸੇ ਦਾ ਪੱਖਪਾਤ ਨਹੀਂ ਹੁੰਦਾ।
12 ਕਿਉਂਕਿ ਜਿੰਨਿਆਂ ਨੇ ਬਿਨ੍ਹਾਂ ਬਿਵਸਥਾ ਦੇ ਪਾਪ ਕੀਤੇ ਸੋ ਬਿਨ੍ਹਾਂ ਬਿਵਸਥਾ ਦੇ ਨਾਸ ਵੀ ਹੋਣਗੇ ਅਤੇ ਜਿੰਨੀਆਂ ਨੇ ਬਿਵਸਥਾ ਦੇ ਹੁੰਦਿਆਂ ਹੋਇਆ ਪਾਪ ਕੀਤੇ ਸੋ ਬਿਵਸਥਾ ਦੇ ਅਨੁਸਾਰ ਹੀ ਉਨ੍ਹਾਂ ਦਾ ਨਿਆਂ ਹੋਵੇਗਾ।
13 ਇਸ ਲਈ ਜੋ ਬਿਵਸਥਾ ਦੇ ਸੁਣਨ ਵਾਲੇ ਪਰਮੇਸ਼ੁਰ ਦੇ ਭਾਣੇ ਧਰਮੀ ਨਹੀਂ ਹੁੰਦੇ, ਪਰ ਬਿਵਸਥਾ ਤੇ ਚੱਲਣ ਵਾਲੇ ਧਰਮੀ ਠਹਿਰਾਏ ਜਾਣਗੇ।
14 ਜਦ ਕਿ ਪਰਾਈਆਂ ਕੌਮਾਂ ਦੇ ਕੋਲ ਬਿਵਸਥਾ ਨਹੀਂ ਹੈ, ਪਰ ਉਹ ਆਪਣੇ ਸੁਭਾਓ ਤੋਂ ਹੀ ਬਿਵਸਥਾ ਦੇ ਕੰਮ ਕਰਦੀਆਂ ਹਨ, ਤਾਂ ਬਿਵਸਥਾ ਦੇ ਨਾ ਹੁੰਦਿਆਂ ਉਹ ਆਪਣੇ ਲਈ ਆਪ ਹੀ ਬਿਵਸਥਾ ਹਨ।
15 ਸੋ ਉਹ ਬਿਵਸਥਾ ਦੇ ਕੰਮ ਆਪਣੇ ਹਿਰਦਿਆਂ ਵਿੱਚ ਲਿਖਿਆ ਹੋਇਆ ਵਿਖਾਉਂਦੀਆ ਹਨ, ਨਾਲੇ ਉਨ੍ਹਾਂ ਦਾ ਵਿਵੇਕ ਇਸ ਦੀ ਗਵਾਹੀ ਦਿੰਦਾ ਹੈ ਅਤੇ ਉਨ੍ਹਾਂ ਦੇ ਖ਼ਿਆਲ ਉਨ੍ਹਾਂ ਨੂੰ ਆਪੋ ਵਿੱਚੀ ਦੋਸ਼ੀ ਤੇ ਨਿਰਦੋਸ਼ੀ ਠਹਿਰਾਉਂਦੇ ਹਨ।
16 ਉਸ ਦਿਨ ਵਿੱਚ ਪਰਮੇਸ਼ੁਰ ਮੇਰੀ ਖੁਸ਼ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ।