Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 11

ਲੂਕਾ 11:4-27

Help us?
Click on verse(s) to share them!
4ਸਾਡੇ ਪਾਪ ਸਾਨੂੰ ਮਾਫ਼ ਕਰੋ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕਰਦੇ ਹਾਂ, ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ।
5ਫਿਰ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਕੌਣ ਹੈ ਜਿਸ ਦਾ ਇੱਕ ਮਿੱਤਰ ਹੋਵੇ ਅਤੇ ਅੱਧੀ ਰਾਤ ਨੂੰ ਉਸ ਦੇ ਕੋਲ ਜਾ ਕੇ ਉਸ ਨੂੰ ਕਹੇ, ਮਿਤੱਰ ਮੈਨੂੰ ਤਿੰਨ ਰੋਟੀਆਂ ਉਧਾਰ ਦੇ।
6ਕਿਉਂ ਜੋ ਮੇਰਾ ਇੱਕ ਮਿੱਤਰ ਦੂਰੋਂ ਸਫ਼ਰ ਕਰ ਕੇ ਮੇਰੇ ਕੋਲ ਆਇਆ ਹੈ ਅਤੇ ਮੇਰੇ ਕੋਲ ਉਸ ਨੂੰ ਭੋਜਨ ਕਰਾਉਣ ਵਾਸਤੇ ਕੁਝ ਵੀ ਨਹੀਂ ਹੈ।
7ਅਤੇ ਉਹ ਅੰਦਰੋਂ ਉੱਤਰ ਦੇਵੇ ਕਿ ਮੈਨੂੰ ਤੰਗ ਨਾ ਕਰ, ਮੈਂ ਬੂਹਾ ਬੰਦ ਕਰ ਚੁੱਕਾ ਹਾਂ ਅਤੇ ਮੇਰੇ ਬੱਚੇ ਮੇਰੇ ਨਾਲ ਬਿਸਤਰੇ ਉੱਤੇ ਸੁੱਤੇ ਪਏ ਹਨ, ਮੈਂ ਉੱਠ ਕੇ ਤੈਨੂੰ ਕੁਝ ਨਹੀਂ ਦੇ ਸਕਦਾ।
8ਮੈਂ ਤੁਹਾਨੂੰ ਆਖਦਾ ਹਾਂ ਕਿ ਭਾਵੇਂ ਉਸ ਦਾ ਮਿੱਤਰ ਹੋਣ ਕਰਕੇ, ਉਹ ਉੱਠ ਕੇ ਉਸ ਨੂੰ ਕੁਝ ਨਾ ਦੇਵੇ ਪਰ ਉਸ ਦੀ ਜਿੱਦ ਦੇ ਕਾਰਨ ਉਹ ਉੱਠੇਗਾ ਅਤੇ ਉਸ ਦੀ ਲੋੜ ਦੇ ਅਨੁਸਾਰ ਉਸ ਨੂੰ ਰੋਟੀਆਂ ਦੇਵੇਗਾ।
9ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ, ਲੱਭੋ ਤਾਂ ਤੁਹਾਨੂੰ ਲੱਭੇਗਾ, ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ।
10ਕਿਉਂਕਿ ਹਰੇਕ ਜਿਹੜਾ ਮੰਗਦਾ ਹੈ, ਉਸ ਨੂੰ ਦਿੱਤਾ ਜਾਂਦਾ ਹੈ ਅਤੇ ਜਿਹੜਾ ਲੱਭਦਾ ਹੈ ਉਸ ਨੂੰ ਮਿਲਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ।
11ਪਰ ਤੁਹਾਡੇ ਵਿੱਚੋਂ ਉਹ ਕਿਹੜਾ ਪਿਤਾ ਹੈ ਜਦ ਉਸ ਦਾ ਪੁੱਤਰ ਮੱਛੀ ਮੰਗੇ ਤਾਂ ਉਸ ਨੂੰ ਮੱਛੀ ਦੀ ਥਾਂ ਸੱਪ ਦੇਵੇਗਾ?
12ਜੇਕਰ ਅੰਡਾ ਮੰਗੇ ਤਾਂ ਕਿ ਉਹ ਆਪਣੇ ਪੁੱਤਰ ਨੂੰ ਬਿੱਛੂ ਦੇਵੇਗਾ?
13ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਉਹ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ!।
14ਫਿਰ ਯਿਸੂ ਨੇ ਇੱਕ ਗੁੰਗੇ ਭੂਤ ਨੂੰ ਕੱਢਿਆ ਅਤੇ ਇਹ ਹੋਇਆ ਕਿ ਜਦ ਉਹ ਭੂਤ ਨਿੱਕਲ ਗਿਆ ਤਾਂ ਉਹ ਗੂੰਗਾ ਬੋਲਣ ਲੱਗ ਪਿਆ ਅਤੇ ਲੋਕ ਹੈਰਾਨ ਹੋਏ।
15ਪਰ ਉਨ੍ਹਾਂ ਵਿੱਚੋਂ ਕਈਆਂ ਨੇ ਆਖਿਆ ਕਿ ਉਹ ਭੂਤਾਂ ਦੇ ਸਰਦਾਰ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।
16ਅਤੇ ਕਈਆਂ ਨੇ ਉਸ ਨੂੰ ਪਰਖਣ ਲਈ ਅਕਾਸ਼ ਵੱਲੋਂ ਇੱਕ ਨਿਸ਼ਾਨ ਉਸ ਤੋਂ ਮੰਗਿਆ।
17ਪਰ ਯਿਸੂ ਨੇ ਉਨ੍ਹਾਂ ਦੇ ਮਨ ਦੀਆਂ ਗੱਲਾਂ ਜਾਣ ਕੇ ਉਨ੍ਹਾਂ ਨੂੰ ਆਖਿਆ ਕਿ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ ਉਹ ਉੱਜੜ ਜਾਂਦਾ ਹੈ ਅਤੇ ਇਸੇ ਤਰ੍ਹਾਂ ਜਿਸ ਘਰ ਵਿੱਚ ਫੁੱਟ ਪੈ ਜਾਵੇ ਉਹ ਵੀ ਨਾਸ਼ ਹੋ ਜਾਂਦਾ ਹੈ।
18ਇਸ ਲਈ ਜੇਕਰ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਤਾਂ ਉਸ ਦਾ ਰਾਜ ਕਿਸ ਤਰ੍ਹਾਂ ਕਾਇਮ ਰਹੇਗਾ। ਤੁਸੀਂ ਆਖਦੇ ਹੋ ਕਿ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ।
19ਅਤੇ ਜੇ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਤੁਹਾਡੇ ਪੁੱਤਰ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਬਸ, ਤੁਹਾਡਾ ਨਿਆਂ ਕਰਨ ਵਾਲੇ ਉਹ ਹੀ ਹੋਣਗੇ।
20ਪਰ ਜੇ ਮੈਂ ਪਰਮੇਸ਼ੁਰ ਦੀ ਉਂਗਲ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲ ਆ ਗਿਆ ਹੈ।
21ਜਦ ਕੋਈ ਜ਼ੋਰਾਵਰ ਆਦਮੀ ਹਥਿਆਰ ਬੰਨ੍ਹੀਂ ਆਪਣੇ ਘਰ ਦੀ ਰਖਵਾਲੀ ਕਰਦਾ ਹੈ ਤਾਂ ਉਸ ਦਾ ਮਾਲ ਬਚਿਆ ਰਹਿੰਦਾ ਹੈ।
22ਪਰ ਜੇਕਰ ਕੋਈ ਉਸ ਨਾਲੋਂ ਜ਼ੋਰਾਵਰ ਆਣ ਕੇ ਉਸ ਨੂੰ ਜਿੱਤ ਲਵੇ ਅਤੇ ਉਸ ਦੇ ਸਾਰੇ ਹਥਿਆਰ ਜਿਨ੍ਹਾਂ ਉੱਤੇ ਉਸ ਨੂੰ ਭਰੋਸਾ ਸੀ, ਖੋਹ ਲੈਂਦਾ ਹੈ ਅਤੇ ਉਸ ਦਾ ਮਾਲ ਲੁੱਟ ਲੈਂਦਾ ਹੈ।
23ਜੋ ਮੇਰੇ ਨਾਲ ਨਹੀਂ ਸੋ ਮੇਰੇ ਵਿਰੁੱਧ ਹੈ ਅਤੇ ਜੋ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ।
24ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ। ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਂਵਾਂਗਾ।
25ਅਤੇ ਆਣ ਕੇ ਉਸ ਘਰ ਨੂੰ ਸਾਫ਼ ਸੁਥਰਾ ਵੇਖਦਾ ਹੈ।
26ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ।
27ਅਤੇ ਇਹ ਹੋਇਆ ਕਿ ਜਦ ਯਿਸੂ ਇਹ ਗੱਲਾਂ ਕਰ ਰਹੇ ਸਨ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਪੁਕਾਰ ਕੇ ਕਿਹਾ, ਕਿ ਧੰਨ ਹੈ ਉਹ ਮਾਂ ਜਿਸ ਨੇ ਤੈਨੂੰ ਜਨਮ ਦਿੱਤਾ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਤੈਨੂੰ ਚੁੰਘਾਇਆ ਹੈ!

Read ਲੂਕਾ 11ਲੂਕਾ 11
Compare ਲੂਕਾ 11:4-27ਲੂਕਾ 11:4-27