20ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਹੇ ਮੂਰਖ, ਜੇਕਰ ਅੱਜ ਰਾਤ ਤੇਰੀ ਜਾਨ ਨਿੱਕਲ ਜਾਵੇ, ਫੇਰ ਜਿਹੜੀਆਂ ਚੀਜ਼ਾਂ ਜੋ ਤੂੰ ਤਿਆਰ ਕੀਤੀਆਂ ਹਨ ਉਹ ਕਿਸ ਦੀਆਂ ਹੋਣਗੀਆਂ?
21ਇਸੇ ਤਰ੍ਹਾਂ ਉਹ ਮਨੁੱਖ ਵੀ ਹੈ ਜੋ ਆਪਣੇ ਲਈ ਧਨ ਜੋੜਦਾ ਹੈ ਪਰ ਪਰਮੇਸ਼ੁਰ ਦੇ ਅੱਗੇ ਧਨਵਾਨ ਨਹੀਂ ਹੈ।
22ਫੇਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਮੈਂ ਇਸ ਲਈ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ ਕਿ ਅਸੀਂ ਕੀ ਖਾਵਾਂਗੇ, ਨਾ ਆਪਣੇ ਸਰੀਰ ਲਈ ਕਿ ਅਸੀਂ ਕੀ ਪਹਿਨਾਂਗੇ।
23ਕਿਉਂਕਿ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਹੈ।
24ਪੰਛੀਆਂ ਵੱਲ ਧਿਆਨ ਕਰੋ, ਉਹ ਨਾ ਤਾਂ ਬੀਜਦੇ ਹਨ ਅਤੇ ਨਾ ਵੱਢਦੇ ਹਨ। ਉਹਨਾਂ ਕੋਲ ਨਾ ਤਾਂ ਭੰਡਾਰ ਹਨ ਅਤੇ ਨਾ ਹੀ ਖੇਤ ਹਨ। ਅਤੇ ਫੇਰ ਵੀ ਪਰਮੇਸ਼ੁਰ ਉਹਨਾਂ ਨੂੰ ਖਿਲਾਉਂਦਾ ਹੈ। ਤੁਸੀਂ ਪੰਛੀਆਂ ਨਾਲੋਂ ਵੱਧ ਕੇ ਉੱਤਮ ਹੋ!
25ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ?
26ਇਸ ਲਈ ਜਦ ਤੁਸੀਂ ਛੋਟੇ ਤੋਂ ਛੋਟਾ ਕੰਮ ਨਹੀਂ ਕਰ ਸਕਦੇ ਤਾਂ ਹੋਰਾਂ ਗੱਲਾਂ ਲਈ ਕਿਉਂ ਚਿੰਤਾ ਕਰਦੇ ਹੋ?
27ਸੋਸਨ ਦੇ ਫੁੱਲਾਂ ਵੱਲ ਧਿਆਨ ਦਿਓ ਕਿ ਉਹ ਕਿਸ ਤਰ੍ਹਾਂ ਵਧਦੇ ਹਨ। ਉਹ ਨਾ ਮਿਹਨਤ ਕਰਦੇ, ਨਾ ਕੱਤਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ।
28ਜਦ ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜੀ ਅੱਜ ਹੈ ਅਤੇ ਕੱਲ ਭੱਠੀ ਵਿੱਚ ਝੋਕੀ ਜਾਂਦੀ ਹੈ ਨੂੰ ਇਹੋ ਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਉਹ ਕਿੰਨਾਂ ਵੱਧ ਕੇ ਤੁਹਾਨੂੰ ਪਹਿਨਾਵੇਗਾ!
29ਤੁਸੀਂ ਇਸ ਗੱਲ ਦੀ ਭਾਲ ਨਾ ਕਰੋ ਜੋ ਕੀ ਖਾਵਾਂਗੇ, ਕੀ ਪੀਵਾਂਗੇ? ਅਤੇ ਚਿੰਤਾ ਨਾ ਕਰੋ।
30ਕਿਉਂ ਜੋ ਸੰਸਾਰ ਦੀਆਂ ਪਰਾਈਆਂ ਕੌਮਾਂ ਦੇ ਲੋਕ ਵੀ ਇਨ੍ਹਾਂ ਸਭ ਵਸਤੂਆਂ ਨੂੰ ਲੱਭਦੇ ਹਨ ਅਤੇ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਵਸਤੂਆਂ ਦੀ ਲੋੜ ਹੈ।
31ਪਰ ਤੁਸੀਂ ਉਸ ਦੇ ਰਾਜ ਦੀ ਖੋਜ ਕਰੋ ਤਾਂ ਤੁਹਾਨੂੰ ਇਹ ਵਸਤੂਆਂ ਵੀ ਦਿੱਤੀਆਂ ਜਾਣਗੀਆਂ।
32ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ।
33ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ।
34ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।
35ਤੁਹਾਡੇ ਲੱਕ ਬੰਨ੍ਹੇ ਅਤੇ ਦੀਵੇ ਬਲਦੇ ਰਹਿਣ।
36ਅਤੇ ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਬਣੋ ਜਿਹੜੇ ਆਪਣੇ ਮਾਲਕ ਦੀ ਉਡੀਕ ਕਰਦੇ ਹਨ ਕਿ ਉਹ ਵਿਆਹ ਤੋਂ ਕਦ ਮੁੜ ਆਵੇਗਾ ਅਤੇ ਜਿਸ ਵੇਲੇ ਉਹ ਆਵੇ ਅਤੇ ਬੂਹਾ ਖੜਕਾਵੇ ਤਾਂ ਜੋ ਉਹ ਝੱਟ ਉਸ ਦੇ ਲਈ ਖੋਲ੍ਹਣ।