23 ਅਤੇ ਪਤਾਲ ਵਿੱਚ ਦੁੱਖੀ ਹੋ ਕੇ ਉਸ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ।
24 ਤਦ ਉਸ ਨੇ ਅਵਾਜ਼ ਮਾਰ ਕੇ ਕਿਹਾ, ਹੇ ਪਿਤਾ ਅਬਰਾਹਾਮ ਮੇਰੇ ਉੱਤੇ ਦਯਾ ਕਰ ਅਤੇ ਲਾਜ਼ਰ ਨੂੰ ਭੇਜ ਜੋ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁਬੋ ਕੇ ਮੇਰੀ ਜੀਭ ਠੰਡੀ ਕਰੇ ਕਿਉਂ ਜੋ ਮੈਂ ਇਸ ਅੱਗ ਵਿੱਚ ਤੜਫ਼ਦਾ ਹਾਂ!
25 ਪਰ ਅਬਰਾਹਾਮ ਨੇ ਉੱਤਰ ਦਿੱਤਾ, ਬੇਟਾ ਯਾਦ ਕਰ ਜੋ ਤੂੰ ਆਪਣੇ ਜੀਵਨਕਾਲ ਵਿੱਚ ਆਪਣੀਆਂ ਚੰਗੀਆਂ ਚੀਜ਼ਾਂ ਪਾ ਚੁੱਕਾ ਅਤੇ ਇਸੇ ਤਰ੍ਹਾਂ ਲਾਜ਼ਰ ਮੰਦੀਆਂ ਚੀਜ਼ਾਂ, ਪਰ ਹੁਣ ਉਹ ਇੱਥੇ ਸ਼ਾਂਤੀ ਪਾਉਂਦਾ ਅਤੇ ਤੂੰ ਤੜਫਦਾ ਹੈਂ।
26 ਅਤੇ ਇਸ ਤੋਂ ਇਲਾਵਾ ਸਾਡੇ ਅਤੇ ਤੁਹਾਡੇ ਵਿੱਚ ਇੱਕ ਵੱਡੀ ਖੱਡ ਪਈ ਹੈ ਤਾਂ ਜੋ ਉਹ ਜਿਹੜੇ ਐਥੋਂ ਤੁਹਾਡੇ ਕੋਲ ਪਾਰ ਜਾਣਾ ਚਾਹੁਣ ਉਹ ਨਾ ਜਾ ਸਕਣ, ਨਾ ਉਧਰੋਂ ਕੋਈ ਸਾਡੇ ਕੋਲ ਇਸ ਪਾਸੇ ਆ ਸਕੇ।
27 ਤਾਂ ਉਸ ਨੇ ਆਖਿਆ, ਹੇ ਪਿਤਾ ਤਦ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਜੋ ਤੁਸੀਂ ਲਾਜ਼ਰ ਨੂੰ ਮੇਰੇ ਪਿਤਾ ਦੇ ਘਰ ਭੇਜੋ।
28 ਕਿਉਂਕਿ ਮੇਰੇ ਪੰਜ ਭਰਾ ਹਨ ਤਾਂ ਜੋ ਉਹ ਉਨ੍ਹਾਂ ਦੇ ਅੱਗੇ ਗਵਾਹੀ ਦੇਵੇ ਤਾਂ ਕਿ ਉਹ ਵੀ ਇਸ ਦੁੱਖ ਦੇ ਥਾਂ ਵਿੱਚ ਨਾ ਆਉਣ।
29 ਪਰ ਅਬਰਾਹਾਮ ਨੇ ਆਖਿਆ ਕਿ ਉਨ੍ਹਾਂ ਦੇ ਕੋਲ ਮੂਸਾ ਅਤੇ ਨਬੀ ਹਨ, ਉਹ ਉਨ੍ਹਾਂ ਦੀ ਸੁਣਨ।
30 ਉਸ ਨੇ ਆਖਿਆ, ਨਾ ਜੀ, ਹੇ ਪਿਤਾ ਅਬਰਾਹਾਮ ਜੇਕਰ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਦੇ ਕੋਲ ਜਾਵੇ ਤਾਂ ਉਹ ਤੋਬਾ ਕਰਨਗੇ।