Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 18

ਲੂਕਾ 18:14-42

Help us?
Click on verse(s) to share them!
14ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਫ਼ਰੀਸੀ ਨਹੀਂ ਪਰ ਇਹ ਚੂੰਗੀ ਲੈਣ ਵਾਲਾ ਧਰਮੀ ਠਹਿਰ ਕੇ ਆਪਣੇ ਘਰ ਗਿਆ ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਪਰ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।
15ਫਿਰ ਲੋਕ ਆਪਣੇ ਬੱਚਿਆਂ ਨੂੰ ਵੀ ਯਿਸੂ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ ਪਰ ਚੇਲਿਆਂ ਨੇ ਇਹ ਵੇਖ ਕੇ ਉਨ੍ਹਾਂ ਨੂੰ ਝਿੜਕਿਆ।
16ਪਰ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਕਿਹਾ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਨ੍ਹਾਂ ਨੂੰ ਮਨ੍ਹਾ ਨਾ ਕਰੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੈ।
17ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ।
18ਇੱਕ ਅਧਿਕਾਰੀ ਨੇ ਉਸ ਅੱਗੇ ਬੇਨਤੀ ਕਰ ਕੇ ਆਖਿਆ, ਉੱਤਮ ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ?
19ਯਿਸੂ ਨੇ ਉਸ ਨੂੰ ਕਿਹਾ, ਤੂੰ ਮੈਨੂੰ ਉੱਤਮ ਕਿਉਂ ਆਖਦਾ ਹੈਂ? ਉੱਤਮ ਕੋਈ ਨਹੀਂ ਪਰ ਕੇਵਲ ਇੱਕੋ ਪਰਮੇਸ਼ੁਰ।
20ਤੂੰ ਹੁਕਮਾਂ ਨੂੰ ਜਾਣਦਾ ਹੈਂ, ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਆਪਣੇ ਮਾਤਾ-ਪਿਤਾ ਦਾ ਆਦਰ ਕਰ।
21ਉਸ ਨੇ ਯਿਸੂ ਨੂੰ ਉੱਤਰ ਦਿੱਤਾ, ਮੈਂ ਆਪਣੇ ਬਚਪਨ ਤੋਂ ਹੀ ਇਨ੍ਹਾਂ ਸਭ ਗੱਲਾਂ ਨੂੰ ਮੰਨਦਾ ਆਇਆ ਹਾਂ।
22ਯਿਸੂ ਨੇ ਸੁਣ ਕੇ ਉਸ ਨੂੰ ਆਖਿਆ, ਅਜੇ ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦੇ, ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ ਕੇ ਮੇਰੇ ਪਿੱਛੇ ਹੋ ਤੁਰ।
23ਪਰ ਉਹ ਇਹ ਸੁਣ ਕੇ ਬਹੁਤ ਉਦਾਸ ਹੋਇਆ ਕਿਉਂ ਜੋ ਉਹ ਵੱਡਾ ਧਨਵਾਨ ਆਦਮੀ ਸੀ।
24ਯਿਸੂ ਨੇ ਉਸ ਨੂੰ ਵੇਖ ਕੇ ਆਖਿਆ ਜੋ ਧਨਵਾਨ ਹਨ ਉਨ੍ਹਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਬਹੁਤ ਔਖਾ ਹੋਵੇਗਾ!
25ਕਿਉਂ ਜੋ ਸੂਈ ਦੇ ਨੱਕੇ ਵਿੱਚੋਂ ਦੀ ਊਠ ਦਾ ਵੜਨਾ, ਧਨਵਾਨ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨ ਨਾਲੋਂ ਸੌਖਾ ਹੈ।
26ਤਾਂ ਸੁਣਨ ਵਾਲਿਆਂ ਨੇ ਕਿਹਾ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?
27ਤਾਂ ਉਸ ਨੇ ਆਖਿਆ ਕਿ ਜਿਹੜੀਆਂ ਗੱਲਾਂ ਮਨੁੱਖਾਂ ਤੋਂ ਨਹੀਂ ਹੋ ਸਕਦੀਆਂ ਹਨ ਉਹ ਪਰਮੇਸ਼ੁਰ ਤੋਂ ਹੋ ਸਕਦੀਆਂ ਹਨ।
28ਤਦ ਪਤਰਸ ਨੇ ਕਿਹਾ, ਵੇਖ, ਅਸੀਂ ਆਪਣਾ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ।
29ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਜਿਹਾ ਕੋਈ ਨਹੀਂ ਕਿ ਜਿਸ ਨੇ ਘਰ, ਪਤਨੀ, ਭਰਾਵਾਂ, ਮਾਤਾ-ਪਿਤਾ ਬਾਲ ਬੱਚਿਆਂ ਨੂੰ ਪਰਮੇਸ਼ੁਰ ਦੇ ਰਾਜ ਦੇ ਲਈ ਛੱਡਿਆ ਹੈ,
30ਜੋ ਇਸ ਸਮੇਂ ਬਹੁਤ ਗੁਣਾ ਅਤੇ ਆਉਣ ਵਾਲੇ ਜੁੱਗ ਵਿੱਚ ਸਦੀਪਕ ਜੀਵਨ ਨਾ ਪਾਵੇ l
31ਉਸ ਨੇ ਬਾਰਾਂ ਚੇਲਿਆਂ ਨੂੰ ਲੈ ਕੇ ਉਨ੍ਹਾਂ ਨੂੰ ਆਖਿਆ, ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਸਭ ਜੋ ਕੁਝ ਨਬੀਆਂ ਦੇ ਰਾਹੀਂ ਲਿਖਿਆ ਹੋਇਆ ਹੈ, ਉਹ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਪੂਰਾ ਕੀਤਾ ਜਾਵੇਗਾ।
32ਕਿਉਂਕਿ ਉਹ ਪਰਾਈਆਂ ਕੌਮਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਦਾ ਮਜ਼ਾਕ ਉਡਾਣਗੇ ਅਤੇ ਉਸ ਦੀ ਬੇਇੱਜ਼ਤੀ ਕੀਤੀ ਜਾਵੇਗੀ ਅਤੇ ਉਸ ਉੱਪਰ ਥੁੱਕਿਆ ਜਾਵੇਗਾ।
33ਅਤੇ ਉਸ ਨੂੰ ਕੋਰੜੇ ਮਾਰਨਗੇ, ਨਾਲੇ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਜੇ ਦਿਨ ਫੇਰ ਜੀ ਉੱਠੇਗਾ।
34ਉਨ੍ਹਾਂ ਨੇ ਇਨ੍ਹਾਂ ਗੱਲਾਂ ਵਿੱਚੋਂ ਕੁਝ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਗੁਪਤ ਰਹੀ ਅਤੇ ਜਿਹੜੀਆਂ ਗੱਲਾਂ ਦੱਸੀਆਂ ਜਾਂਦੀਆਂ ਸਨ, ਉਹ ਉਨ੍ਹਾਂ ਨੂੰ ਸਮਝ ਨਾ ਸਕੇ।
35ਇਸ ਤਰ੍ਹਾਂ ਹੋਇਆ ਕਿ ਜਦ ਯਿਸੂ ਯਰੀਹੋ ਦੇ ਨੇੜੇ ਪਹੁੰਚਿਆ ਤਾਂ ਇੱਕ ਅੰਨ੍ਹਾ ਸੜਕ ਦੇ ਕਿਨਾਰੇ ਬੈਠਾ ਭੀਖ ਮੰਗਦਾ ਸੀ।
36ਅਤੇ ਉਸ ਨੇ ਭੀੜ ਲੰਘਦੀ ਸੁਣ ਕੇ ਪੁੱਛਿਆ ਕਿ ਇਹ ਕੀ ਹੋ ਰਿਹਾ ਹੈ?
37ਲੋਕਾਂ ਨੇ ਉਸ ਨੂੰ ਦੱਸਿਆ ਜੋ ਯਿਸੂ ਨਾਸਰੀ ਇੱਥੋਂ ਲੰਘ ਰਿਹਾ ਹੈ।
38ਤਦ ਉਸ ਨੇ ਪੁਕਾਰ ਕੇ ਕਿਹਾ, ਹੇ ਯਿਸੂ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ।
39ਜਿਹੜੇ ਅੱਗੇ ਜਾਂਦੇ ਸਨ, ਉਨ੍ਹਾਂ ਨੇ ਉਸ ਨੂੰ ਝਿੜਕਿਆ ਕਿ ਚੁੱਪ ਕਰ, ਪਰ ਉਹ ਸਗੋਂ ਹੋਰ ਵੀ ਉੱਚੀ ਅਵਾਜ਼ ਦੇ ਕੇ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ!
40ਤਦ ਯਿਸੂ ਨੇ ਰੁੱਕ ਕੇ ਉਸ ਨੂੰ ਆਪਣੇ ਕੋਲ ਲਿਆਉਣ ਦੀ ਆਗਿਆ ਦਿੱਤੀ ਅਤੇ ਜਦ ਉਹ ਉਸ ਕੋਲ ਆਇਆ ਤਾਂ ਉਸ ਨੂੰ ਪੁੱਛਿਆ,
41ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਉਸ ਨੇ ਕਿਹਾ, ਪ੍ਰਭੂ ਜੀ ਮੈਂ ਵੇਖਣ ਲੱਗ ਜਾਵਾਂ!
42ਤਦ ਯਿਸੂ ਨੇ ਉਸ ਨੂੰ ਕਿਹਾ, ਸੁਜਾਖਾ ਹੋ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।

Read ਲੂਕਾ 18ਲੂਕਾ 18
Compare ਲੂਕਾ 18:14-42ਲੂਕਾ 18:14-42