23ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜ਼ਰੂਰ ਇਹ ਕਹਾਉਤ ਮੈਨੂੰ ਕਹੋਗੇ ਕਿ ਹੇ ਵੈਦ, ਆਪਣੇ ਆਪ ਨੂੰ ਚੰਗਾ ਕਰ। ਜੋ ਕੁਝ ਅਸੀਂ ਕਫ਼ਰਨਾਹੂਮ ਵਿੱਚ ਹੁੰਦਾ ਸੁਣਿਆ ਹੈ ਐਥੇ ਆਪਣੇ ਦੇਸ ਵਿੱਚ ਵੀ ਕਰ।
24ਉਸ ਨੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਨਬੀ ਆਪਣੇ ਦੇਸ ਵਿੱਚ ਆਦਰ ਨਹੀਂ ਪਾਉਂਦਾ।
25ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਏਲੀਯਾਹ ਦੇ ਦਿਨਾਂ ਵਿੱਚ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ ਅਤੇ ਸਾਰੇ ਦੇਸ ਵਿੱਚ ਵੱਡਾ ਅਕਾਲ ਪਿਆ। ਇਸਰਾਏਲ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ।
26ਪਰ ਏਲੀਯਾਹ ਸੈਦਾ ਦੇਸ ਦੇ ਸਾਰਪਥ ਦੀ ਇੱਕ ਵਿਧਵਾ ਤੋਂ ਬਿਨ੍ਹਾਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।
27ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ ਪਰ ਉਨ੍ਹਾਂ ਵਿੱਚੋਂ ਸੀਰੀਯਾ ਦਾ, ਸਿਰਫ਼ ਨਾਮਾਨ ਹੀ ਸ਼ੁੱਧ ਕੀਤਾ ਗਿਆ।
28ਸੋ ਜਿਹੜੇ ਪ੍ਰਾਰਥਨਾ ਘਰ ਵਿੱਚ ਸਨ, ਇਹ ਗੱਲਾਂ ਸੁਣਦੇ ਹੀ ਕ੍ਰੋਧ ਨਾਲ ਭਰ ਗਏ।
29ਅਤੇ ਉਹਨਾਂ ਨੇ ਉੱਠ ਕੇ ਉਸ ਨੂੰ ਸ਼ਹਿਰੋਂ ਬਾਹਰ ਕੱਢਿਆ ਅਤੇ ਉਸ ਪਹਾੜ ਦੀ ਚੋਟੀ, ਜਿਸ ਉੱਤੇ ਉਨ੍ਹਾਂ ਦਾ ਸ਼ਹਿਰ ਬਣਿਆ ਹੋਇਆ ਸੀ ਲੈ ਗਏ ਤਾਂ ਜੋ ਉਸ ਨੂੰ ਸਿਰ ਪਰਨੇ ਸੁੱਟ ਦੇਣ।
30ਪਰ ਉਹ ਉਨ੍ਹਾਂ ਦੇ ਵਿੱਚੋਂ ਦੀ ਲੰਘ ਕੇ ਆਪਣੇ ਰਸਤੇ ਚੱਲਿਆ ਗਿਆ।