27ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ।
28ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਬਰਕਤ ਦਿਉ। ਜੋ ਤੁਹਾਡੇ ਨਾਲ ਈਰਖਾ ਰੱਖਣ, ਉਨ੍ਹਾਂ ਲਈ ਪ੍ਰਾਰਥਨਾ ਕਰੋ।
29ਜੋ ਤੇਰੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ ਅਤੇ ਜੋ ਤੇਰੀ ਚਾਦਰ ਖੋਹ ਲਵੇ ਤਾਂ ਉਸ ਨੂੰ ਕੁੜਤਾ ਲੈਣ ਤੋਂ ਵੀ ਮਨ੍ਹਾ ਨਾ ਕਰ।
30ਜੋ ਕੋਈ ਤੇਰੇ ਕੋਲੋਂ ਮੰਗੇ ਉਸ ਨੂੰ ਦਿਹ ਅਤੇ ਜੋ ਤੇਰੀਆਂ ਵਸਤਾਂ ਖੋਹ ਲਵੇ ਉਸ ਤੋਂ ਮੁੜ ਨਾ ਮੰਗ।
31ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਜੋ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ।
32ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ, ਕਿਉਂ ਜੋ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ?