45ਤਦ ਯਿਸੂ ਨੇ ਕਿਹਾ, ਮੈਨੂੰ ਕਿਸ ਨੇ ਛੂਹਿਆ ਹੈ? ਜਦ ਸਾਰਿਆਂ ਨੇ ਨਾ ਕੀਤੀ ਤਾਂ ਪਤਰਸ ਅਤੇ ਉਸ ਦੇ ਨਾਲ ਦਿਆਂ ਨੇ ਆਖਿਆ, ਸੁਆਮੀ ਜੀ, ਭੀੜ ਤੁਹਾਡੇ ਉੱਤੇ ਡਿੱਗਦੀ ਹੈ।
46ਪਰ ਯਿਸੂ ਨੇ ਆਖਿਆ, ਕਿਸੇ ਨੇ ਮੈਨੂੰ ਜ਼ਰੂਰ ਛੂਹਿਆ ਹੈ ਕਿਉਂ ਜੋ ਮੈਂ ਮਹਿਸੂਸ ਕੀਤਾ ਕਿ ਮੇਰੇ ਵਿੱਚੋਂ ਸਮਰੱਥਾ ਨਿੱਕਲੀ ਹੈ।
47ਜਦ ਉਸ ਔਰਤ ਨੇ ਵੇਖਿਆ ਜੋ ਮੈਂ ਲੁੱਕ ਨਹੀਂ ਸਕਦੀ ਤਾਂ ਕੰਬਦੀ-ਕੰਬਦੀ ਯਿਸੂ ਕੋਲ ਆਈ ਅਤੇ ਉਸ ਦੇ ਚਰਨਾਂ ਵਿੱਚ ਡਿੱਗ ਕੇ ਸਾਰੇ ਲੋਕਾਂ ਦੇ ਸਾਹਮਣੇ ਆਪਣਾ ਹਾਲ ਦੱਸਿਆ ਜੋ ਕਿਸ ਕਾਰਨ ਉਸ ਨੂੰ ਛੂਹਿਆ ਅਤੇ ਕਿਸ ਤਰ੍ਹਾਂ ਇਕਦਮ ਚੰਗੀ ਹੋ ਗਈ।
48ਯਿਸੂ ਨੇ ਉਸ ਨੂੰ ਆਖਿਆ, ਬੇਟੀ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ।
49ਉਹ ਬੋਲ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਕਿਸੇ ਨੇ ਆ ਕੇ ਕਿਹਾ ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਖੇਚਲ ਨਾ ਦੇ।
50ਪਰ ਯਿਸੂ ਨੇ ਸੁਣ ਕੇ ਜੈਰੁਸ ਨੂੰ ਆਖਿਆ, ਨਾ ਡਰ, ਕੇਵਲ ਵਿਸ਼ਵਾਸ ਕਰ ਤਾਂ ਉਹ ਬਚ ਜਾਵੇਗੀ।
51ਉਸ ਨੇ ਘਰ ਪਹੁੰਚ ਕੇ ਪਤਰਸ, ਯੂਹੰਨਾ ਅਤੇ ਯਾਕੂਬ ਅਤੇ ਕੁੜੀ ਦੇ ਮਾਪਿਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਆਪਣੇ ਨਾਲ ਅੰਦਰ ਵੜਨ ਨਾ ਦਿੱਤਾ।