13 ਮੈਂ ਉਹ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਤਾਂ ਜੋ ਤੁਸੀਂ ਉਨ੍ਹਾਂ ਦੇ ਦਾਸ ਨਾ ਰਹੋ ਅਤੇ ਮੈਂ ਤੁਹਾਡੇ ਧੌਣ ਦੇ ਜੂਲੇ ਨੂੰ ਤੋੜ ਸੁੱਟਿਆ ਅਤੇ ਤੁਹਾਨੂੰ ਸਿੱਧੇ ਕਰਕੇ ਚਲਾਇਆ ਹੈ।
14 ਪਰ ਜੇਕਰ ਤੁਸੀਂ ਮੇਰੀ ਨਾ ਸੁਣੋਗੇ ਅਤੇ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਨਾ ਮੰਨੋਗੇ,
15 ਅਤੇ ਜੇਕਰ ਤੁਸੀਂ ਮੇਰੀਆਂ ਬਿਧੀਆਂ ਨੂੰ ਤਿਆਗ ਦਿਓ ਅਤੇ ਮੇਰੇ ਨਿਆਂ ਤੁਹਾਡੇ ਜੀਅ ਨੂੰ ਮਾੜੇ ਲੱਗਣ ਕਿ ਤੁਸੀਂ ਮੇਰੇ ਹੁਕਮਾਂ ਨੂੰ ਨਾ ਮੰਨੋ ਸਗੋਂ ਮੇਰੇ ਨੇਮ ਨੂੰ ਤੋੜ ਦਿਓ,
16 ਤਾਂ ਮੈਂ ਤੁਹਾਡੇ ਨਾਲ ਇਹ ਕਰਾਂਗਾ ਅਰਥਾਤ ਮੈਂ ਤੁਹਾਡੇ ਉੱਤੇ ਡਰ, ਲਾ-ਇਲਾਜ਼ ਰੋਗ ਅਤੇ ਤਾਪ ਪਾਵਾਂਗਾ ਜੋ ਤੁਹਾਡੀਆਂ ਅੱਖਾਂ ਦਾ ਨਾਸ ਕਰਨਗੇ ਅਤੇ ਤੁਹਾਡੇ ਮਨਾਂ ਨੂੰ ਉਦਾਸ ਕਰਨਗੇ ਅਤੇ ਤੁਸੀਂ ਵਿਅਰਥ ਹੀ ਆਪਣੇ ਬੀਜ ਬੀਜੋਗੇ ਕਿਉਂ ਜੋ ਤੁਹਾਡੇ ਵੈਰੀ ਉਸ ਨੂੰ ਖਾ ਜਾਣਗੇ।
17 ਮੈਂ ਵੀ ਤੁਹਾਡੇ ਵਿਰੁੱਧ ਹੋਵਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਵੱਢੇ ਜਾਓਗੇ ਅਤੇ ਜਿਹੜੇ ਤੁਹਾਡੇ ਨਾਲ ਵੈਰ ਕਰਦੇ ਹਨ, ਉਹ ਤੁਹਾਡੇ ਉੱਤੇ ਰਾਜ ਕਰਨਗੇ ਅਤੇ ਭਾਵੇਂ ਕੋਈ ਤੁਹਾਡਾ ਪਿੱਛਾ ਨਾ ਕਰੇ ਤਾਂ ਵੀ ਤੁਸੀਂ ਭੱਜੋਗੇ।
18 ਅਤੇ ਜੇਕਰ ਤੁਸੀਂ ਇਹ ਸਭ ਕਰਕੇ ਵੀ ਤੁਸੀਂ ਮੇਰੇ ਵੱਲ ਧਿਆਨ ਨਾ ਕਰੋ, ਤਾਂ ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦੇਵਾਂਗਾ।
19 ਅਤੇ ਮੈਂ ਤੁਹਾਡੀ ਜੋਰਾਵਰੀ ਦਾ ਹੰਕਾਰ ਤੋੜ ਦਿਆਂਗਾ ਅਤੇ ਤੁਹਾਡੇ ਲਈ ਅਕਾਸ਼ ਨੂੰ ਲੋਹੇ ਵਰਗਾ ਅਤੇ ਧਰਤੀ ਨੂੰ ਪਿੱਤਲ ਵਰਗੀ ਬਣਾਵਾਂਗਾ।
20 ਅਤੇ ਤੁਹਾਡਾ ਜ਼ੋਰ ਵਿਅਰਥ ਹੋ ਜਾਵੇਗਾ ਕਿਉਂ ਜੋ ਤੁਹਾਡੀ ਧਰਤੀ ਆਪਣੀ ਉਪਜ ਨਾ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਵੀ ਆਪਣੇ ਫਲ ਨਾ ਉਗਾਉਣਗੇ।