3ਇਸਰਾਏਲ ਦੇ ਸਾਰੇ ਬਜ਼ੁਰਗ ਆਏ ਅਤੇ ਸੰਦੂਕ ਨੂੰ ਜਾਜਕਾਂ ਨੇ ਚੁੱਕਿਆ।
4ਉਹ ਯਹੋਵਾਹ ਦੇ ਸੰਦੂਕ ਨੂੰ, ਮੰਡਲੀ ਦੇ ਤੰਬੂ ਨੂੰ ਅਤੇ ਸਾਰੇ ਪਵਿੱਤਰ ਭਾਂਡਿਆਂ ਨੂੰ ਜਿਹੜੇ ਤੰਬੂ ਵਿੱਚ ਸਨ ਉਤਾਹਾਂ ਲਿਆਏ। ਇਸ ਤਰ੍ਹਾਂ ਜਾਜਕ ਤੇ ਲੇਵੀ ਉਨ੍ਹਾਂ ਨੂੰ ਲਿਆਏ।
5ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਜੋ ਉਹ ਦੇ ਕੋਲ ਸੰਦੂਕ ਦੇ ਅੱਗੇ ਇਕੱਠੀ ਹੋਈ ਸੀ ਐਨੀਆਂ ਭੇਡਾਂ ਤੇ ਬਲ਼ਦ ਚੜ੍ਹਾਏ ਕਿ ਬਹੁਤਾਇਤ ਦੇ ਕਾਰਨ ਨਾ ਤਾਂ ਉਨ੍ਹਾਂ ਦੀ ਗਿਣਤੀ ਹੋ ਸਕਦੀ ਸੀ, ਤੇ ਨਾ ਹੀ ਲੇਖਾ।
6ਜਾਜਕ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਉਹ ਦੇ ਸਥਾਨ ਵਿੱਚ ਅਰਥਾਤ ਭਵਨ ਦੀ ਵਿਚਲੀ ਕੋਠੜੀ, ਅੱਤ ਪਵਿੱਤਰ ਸਥਾਨ ਵਿੱਚ ਕਰੂਬੀਆਂ ਦੇ ਖੰਭਾਂ ਹੇਠ ਲਿਆਏ।
7ਕਿਉਂ ਜੋ ਕਰੂਬੀਆਂ ਨੇ ਆਪਣੇ ਦੋਵੇਂ ਖੰਭ ਸੰਦੂਕ ਦੇ ਸਥਾਨ ਉੱਤੇ ਖਿਲਾਰੇ ਹੋਏ ਸਨ ਅਤੇ ਕਰੂਬੀਆਂ ਨੇ ਸੰਦੂਕ ਨੂੰ ਤੇ ਉਹ ਦੀਆਂ ਚੋਬਾਂ ਨੂੰ ਉੱਤੋਂ ਢੱਕਿਆ ਹੋਇਆ ਸੀ।
8ਉਨ੍ਹਾਂ ਨੇ ਚੋਬਾਂ ਨੂੰ ਇਨ੍ਹਾਂ ਲੰਮਾ ਕੀਤਾ ਕਿ ਚੋਬਾਂ ਦੇ ਸਿਰੇ ਵਿਚਲੀ ਕੋਠੜੀ ਅੱਗੋਂ ਪਵਿੱਤਰ ਸਥਾਨ ਤੋਂ ਦਿਸਦੇ ਸਨ ਪਰ ਬਾਹਰੋਂ ਨਹੀਂ ਦਿਸਦੇ ਸਨ ਅਤੇ ਉਹ ਅੱਜ ਦੇ ਦਿਨ ਤੱਕ ਉੱਥੇ ਹੀ ਹਨ।
9ਸੰਦੂਕ ਵਿੱਚ ਉਨ੍ਹਾਂ ਦੋਹਾਂ ਪੱਥਰਾਂ ਦੀਆਂ ਫੱਟੀਆਂ ਤੋਂ ਬਿਨਾਂ ਹੋਰ ਕੁਝ ਨਹੀਂ ਸੀ ਜਿਹੜੀਆਂ ਮੂਸਾ ਨੇ ਉੱਥੇ ਹੋਰੇਬ ਵਿੱਚ ਰੱਖੀਆਂ ਸਨ ਜਿੱਥੇ ਯਹੋਵਾਹ ਨੇ ਇਸਰਾਏਲੀਆਂ ਨਾਲ ਨੇਮ ਬੰਨ੍ਹਿਆ ਸੀ ਜਦ ਉਹ ਮਿਸਰ ਦੇਸ ਤੋਂ ਨਿੱਕਲੇ ਸਨ।
10ਇਸ ਤਰ੍ਹਾਂ ਹੋਇਆ ਕਿ ਜਦ ਜਾਜਕ ਪਵਿੱਤਰ ਸਥਾਨ ਤੋਂ ਨਿੱਕਲੇ ਤਦ ਉਸ ਬੱਦਲ ਨੇ ਯਹੋਵਾਹ ਦੇ ਭਵਨ ਨੂੰ ਇਸ ਤਰ੍ਹਾਂ ਭਰ ਦਿੱਤਾ
11ਕਿ ਜਾਜਕ ਬੱਦਲ ਦੇ ਕਾਰਨ ਉਪਾਸਨਾ ਕਰਨ ਲਈ ਖੜ੍ਹੇ ਨਾ ਹੋ ਸਕੇ ਕਿਉਂ ਜੋ ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਸੀ।
12ਸੁਲੇਮਾਨ ਨੇ ਆਖਿਆ ਕਿ ਯਹੋਵਾਹ ਨੇ ਫ਼ਰਮਾਇਆ ਸੀ ਕਿ ਉਹ ਘੁੱਪ ਹਨ੍ਹੇਰੇ ਵਿੱਚ ਵੱਸੇਗਾ।
13ਮੈਂ ਜ਼ਰੂਰ ਤੇਰੇ ਲਈ ਇੱਕ ਉੱਚਾ ਭਵਨ ਜਿੱਥੇ ਤੂੰ ਸਦਾ ਤੱਕ ਰਹੇਂ ਬਣਾਇਆ।
14ਤਦ ਰਾਜੇ ਨੇ ਇਸਰਾਏਲ ਦੀ ਸਾਰੀ ਸਭਾ ਵੱਲ ਆਪਣਾ ਮੂੰਹ ਫੇਰ ਕੇ ਉਨ੍ਹਾਂ ਨੂੰ ਬਰਕਤ ਦਿੱਤੀ ਤੇ ਇਸਰਾਏਲ ਦੀ ਸਾਰੀ ਸਭਾ ਖੜ੍ਹੀ ਰਹੀ।
15ਉਸ ਨੇ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ ਜਿਸ ਨੇ ਮੇਰੇ ਪਿਤਾ ਦਾਊਦ ਨਾਲ ਆਪਣੇ ਮੂੰਹ ਨਾਲ ਬਚਨ ਕੀਤਾ ਅਤੇ ਆਪਣੇ ਹੱਥ ਨਾਲ ਉਹ ਨੂੰ ਪੂਰਾ ਵੀ ਕੀਤਾ।
16ਕਿ ਜਿਸ ਦਿਨ ਤੋਂ ਮੈਂ ਆਪਣੀ ਪਰਜਾ ਇਸਰਾਏਲ ਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਮੈਂ ਆਪਣਾ ਭਵਨ ਬਣਾਉਣ ਲਈ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਕੋਈ ਸ਼ਹਿਰ ਨਹੀਂ ਚੁਣਿਆ ਕਿ ਮੇਰਾ ਨਾਮ ਉੱਥੇ ਰਹੇ, ਪਰ ਮੈਂ ਦਾਊਦ ਨੂੰ ਚੁਣਿਆ ਕਿ ਉਹ ਮੇਰੀ ਪਰਜਾ ਇਸਰਾਏਲ ਉੱਤੇ ਹੋਵੇ।